ਜ਼ਿਲਾ ਪ੍ਰਸ਼ਾਸਨ ਵੱਲੋਂ ਨੌਕਰੀ ਲਈ ਚੁਣੀਆਂ ਗਈਆਂ ਹੋਣਹਾਰ ਬੱਚੀਆਂ ਦਾ ਸਨਮਾਨ

ਨਵਾਂਸ਼ਹਿਰ, 13 ਅਕਤੂਬਰ (ਨਿਊਜ਼ ਪੰਜਾਬ)-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੌਮਾਂਤਰੀ ਬਾਲੜੀ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਬੀਤੇ ਦਿਨੀਂ ਪਲੇਸਮੈਂਟ ਕੈਂਪਾਂ ਦੌਰਾਨ ਨੌਕਰੀ ਲਈ ਚੁਣੀਆਂ ਗਈਆਂ ਹੋਣਹਾਰ ਬੱਚੀਆਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਨੇ ਇਨਾਂ ਬੱਚੀਆਂ ਨੂੰ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਸਰਟੀਫਿਕੇਟ ਪ੍ਰਦਾਨ ਕਰਦਿਆਂ ਵਧਾਈ ਦਿੱਤੀ ਅਤੇ ਉਨਾਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ। ਉਨਾਂ ਬੱਚੀਆਂ ਨੂੰ ਪ੍ਰੇਰਨਾ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਮਿਹਨਤ ਅਤੇ ਜਿੰਮੇਵਾਰੀ ਨਾਲ ਨਿਭਾਉਣ। ਇਸ ਮੌਕੇ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਲੜਕੀਆਂ ਨਾਲ ਸਬੰਧਤ ਸਰਕਾਰੀ, ਆਰਧ ਸਰਕਾਰੀ ਅਤੇ ਪ੍ਰਾਈਵੇਟ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਹੁਨਰ ਵਿਕਾਸ ਦੇ ਅਧਿਕਾਰੀ ਹਾਜ਼ਰ ਸਨ।