ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਲੁਧਿਆਣਾ, 13 ਅਕਤੂਬਰ (ਨਿਊਜ਼ ਪੰਜਾਬ) – ਪਰਾਲੀ ਸਾੜਨ ਤੋਂ ਉਤਪੰਨ ਹੋਣ ਵਾਲੇ ਮਾੜੇ ਪ੍ਰਭਾਵ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲ਼ੋ ਅੱਜ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਵੈਨ ਜੋ ਕਿ ਐਲ.ਈ.ਡੀ. ਸਕਰੀਨ ਨਾਲ ਲੈਸ ਹੈ, ਨਾਬਾਰਡ ਵੱਲੋਂ ਝੋਨੇ ਦੀ ਪਰਾਲੀ ਸਾੜਨ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗੀ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪਰਾਲੀ ਸਾੜਨ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਨਾਬਾਰਡ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਇਸ ਔਖੀ ਘੜੀ ਵਿੱਚ ਜਨਤਕ ਹਿੱਤ ਲਈ ਕੋਰੋਨਾ ਵਾਇਰਸ ਨੂੰ ਹਰਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਠੋਸ ਉਪਰਾਲੇ ਕਰ ਰਿਹਾ ਹੈ। ਉਨ੍ਹਾਂ ਇਕ ਵਾਰ ਫਿਰ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਸਾੜਨ ਤੋਂ ਪਰਹੇਜ਼ ਕਰਨ ਕਿਉਂਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਖਤਰਨਾਕ ਗੈਸਾਂ ਕੋਵਿਡ-19 ਦੀ ਸਥਿਤੀ ਨੂੰ ਹੋਰ ਵਿਗਾੜ ਸਕਦੀਆਂ ਹਨ ਜਿਸ ਨਾਲ ਕੀਮਤੀ ਜਾਨਾਂ ਵੀ ਜਾ ਸਕਦੀਆਂ ਹਨ। ਵੈਨ ਨੂੰ ਝੰਡੀ ਦੇਣ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ.ਯਾਦਵਿੰਦਰ ਸਿੰਘ ਜੰਡਿਆਲੀ, ਮੁੱਖ ਖੇਤੀਬਾੜੀ ਅਫਸਰ ਨਰਿੰਦਰ ਸਿੰਘ ਬੈਨੀਪਾਲ ਅਤੇ ਜ਼ਿਲ੍ਹਾ ਵਿਕਾਸ ਮੈਨੇਜਰ(ਡੀ.ਡੀ.ਐਮ.) ਨਾਬਾਰਡ ਸ੍ਰੀ ਸੰਜੀਵ ਕੁਮਾਰ ਵੀ ਮੌਜੂਦ ਸਨ। ਜ਼ਿਲ੍ਹਾ ਵਿਕਾਸ ਮੈਨੇਜਰ ਸ੍ਰੀ ਸੰਜੀਵ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਬਾਰਡ, ਪੰਜਾਬ ਖੇਤਰੀ ਦਫ਼ਤਰ, ਚੰਡੀਗੜ ਵੱਲੋਂ ਵੀ ਨੈਸ਼ਨਲ ਅਡੈਪਟੇਸ਼ਨ ਫੰਡ ਫਾਰ ਕਲਾਈਮੇਟ ਚੇਂਜ (ਐਨ.ਏ.ਐਫ.ਸੀ.ਸੀ.) ਅਧੀਨ ਸਲੋਗਨ ਲਿਖਣ/ਦਿਵਾਰ ਪੇਂਟਿੰਗ ਰਾਹੀਂ ਝੋਨੇ ਦੀ ਪਰਾਲੀ ਸਾੜਨ (ਫਸਲਾਂ ਦੀ ਰਹਿੰਦ ਖੂੰਹਦ ਪ੍ਰਬੰਧਨ) ਵਿਰੁੱਧ ਮੁਹਿੰਮ ਚਲਾਈ ਗਈ ਹੈ ਜਿਸ ਵਿੱਚ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿਚ ਲੱਗਭਗ ਸਾਰੇ ਖੇਤਰਾਂ/ਪਿੰਡਾਂ, ਜਿੱਥੇ ਝੋਨੇ ਦੀ ਬਿਜਾਈ ਕੀਤੀ ਜਾਂਦੀ ਹੈ, ਨੂੰ ਕਵਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿਵਾਰ ਪੇਟਿੰਗ ਦਾ ਉਦੇਸ਼ ਜਾਗਰੂਕਤਾ ਪੈਦਾ ਕਰਨਾ, ਫਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ਲਈ ਕਿਸਾਨਾਂ ਦੀ ਸਮਰੱਥਾ ਵਧਾਉਣਾ ਅਤੇ ਮੌਸਮ ਵਿੱਚ ਤਬਦੀਲੀ ਬਾਰੇ ਉਨ੍ਹਾਂ ਦੇ ਗਿਆਨ ਅਤੇ ਸਮਝ ਵਿੱਚ ਸੁਧਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਵੈਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪ੍ਰਬੰਧਨ ਦੀਆਂ ਤਕਨੀਕਾਂ ਬਾਰੇ ਵਿਡੀਓ ਦਿਖਾਉਣ ਲਈ ਨਿਰੰਤਰ ਕੰਮ ਕਰੇਗੀ ਅਤੇ ਫਸਲਾਂ ਦੀ ਰਹਿੰਦ ਖੂੰਹਦ, ਖਾਸ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰੇਗੀ।