ਸ਼੍ਰੋਮਣੀ ਕਮੇਟੀ ਵਲੋਂ ਜਥੇਦਾਰ ਸਾਹਿਬ ਨੂੰ ਪਾਵਨ ਸਰੂਪਾਂ ਦੇ ਮਾਮਲੇ ‘ਚ ਦੋਸ਼ੀ ਕਰਮਚਾਰੀਆਂ-ਅਧਿਕਾਰੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਦੀ ਪੁਰਜ਼ੋਰ ਅਪੀਲ
ਅੰਮ੍ਰਿਤਸਰ, 13 ਅਕਤੂਬਰ (ਨਿਊਜ਼ ਪੰਜਾਬ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਸਬ ਆਫ਼ਿਸ ਚੰਡੀਗੜ੍ਹ ਵਿਖੇ ਹੋਈ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪਬਲੀਕੇਸ਼ਨ ਵਿਭਾਗ ਦੇ ਕੁਝ ਕਰਮਚਾਰੀਆਂ-ਅਧਿਕਾਰੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤ ਨੂੰ ਦੇ ਕੇ ਪ੍ਰਾਪਤ ਕੀਤੀ ਭੇਟਾ ਗ਼ਬਨ ਕਰਨ ਦਾ ਸਖ਼ਤ ਸ਼ਬਦਾਂ ‘ਚ ਨਿਖੇਧੀ ਮਤਾ ਪਾਸ ਕੀਤਾ ਗਿਆ ਅਤੇ ਕਿਹਾ ਗਿਆ ਮੰਦਭਾਗੀ ਘਟਨਾ ਨਾਲ ਸਿੱਖ ਜਗਤ ਅੰਦਰ ਭਾਰੀ ਰੋਸ ਹੈ, ਜਿਸ ਦੇ ਚੱਲਦਿਆਂ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਭਾਈ ਈਸ਼ਰ ਸਿੰਘ ਵਲੋਂ ਜਾਂਚ ਕਮਿਸ਼ਨ ਦੀ ਰਿਪੋਰਟ ਦੇ ਆਧਾਰ ‘ਤੇ ਦੋਸ਼ੀ ਕਰਮਚਾਰੀਆਂ-ਅਧਿਕਾਰੀਆਂ ਨੂੰ ਪੰਥਕ ਰਵਾਇਤਾਂ ਅਨੁਸਾਰ ਮਿਸਾਲੀ ਸਜ਼ਾਵਾਂ ਦੇਣ ਦੀ ਪੁਰਜ਼ੋਰ ਅਪੀਲ ਕੀਤੀ ਤਾਂ ਜੋ ਸੰਗਤ ਅੰਦਰ ਪਾਇਆ ਜਾ ਰਿਹਾ ਰੋਸ ਸ਼ਾਂਤ ਹੋ ਸਕੇ। ਧਰਮ ਪ੍ਰਚਾਰ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਰੂਹਾਨੀਅਤ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੁਨੀਆ ਭਰ ‘ਚ ਆਸਥਾ ਦਾ ਵੱਡਾ ਕੇਂਦਰ ਹੈ, ਜਿੱਥੇ ਹਮੇਸ਼ਾ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਹੁੰਦੀ ਹੈ। ਇਸ ਕਰਕੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਧਰਨੇ ਜਾਂ ਮੁਜ਼ਾਹਰੇ ਵਾਲੀ ਜਗਾ ਨਹੀਂ ਹੈ।ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਸ ਲਈ ਅਪੀਲ ਕੀਤੀ ਜਾਂਦੀ ਹੈ ਕਿ ਧਰਨੇ ਜਾਂ ਮੁਜ਼ਾਹਰੇ ਨਾ ਕੀਤੇ ਜਾਣ ਸਬੰਧੀ ਵੀ ਆਦੇਸ਼ ਜਾਰੀ ਕੀਤੇ ਜਾਣ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤਿੰਨ ਵੱਡੀਆਂ ਸ਼ਤਾਬਦੀਆਂ ਮਨਾਉਣ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਨਨਕਾਣਾ ਸਾਹਿਬ ਦਾ 100 ਸਾਲਾ ਸ਼ਹੀਦੀ ਸਾਕਾ ਸ਼ਤਾਬਦੀ 21 ਫਰਵਰੀ 2021 ਨੂੰ ਵਿਸ਼ਾਲ ਪੱਧਰ ‘ਤੇ ਮਨਾਈ ਜਾਵੇਗੀ।ਉਨ੍ਹਾਂ ਕਿਹਾ ਕਿ 100 ਸਾਲਾ ਸ਼ਹੀਦੀ ਸਾਕੇ ਸਬੰਧੀ ਸਿੱਖ ਬੁੱਧੀਜੀਵੀਆਂ, ਵਿਦਵਾਨਾਂ ਦੇ ਸਹਿਯੋਗ ਨਾਲ ਇਤਿਹਾਸਕ ਦਸਤਾਵੇਜ਼ ਵੀ ਤਿਆਰ ਕੀਤੇ ਜਾਣ ਸਬੰਧੀ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸ਼ਤਾਬਦੀਆਂ ਨੂੰ ਸਮਰਪਿਤ ਭਗਤ ਨਾਮਦੇਵ ਜੀ ਦਾ 750 ਸਾਲਾ ਜਨਮ ਦਿਹਾੜਾ 25 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 350 ਸਾਲਾ ਸ਼ਤਾਬਦੀ ਜਨਮ ਦਿਹਾੜਾ 18 ਅਕਤੂਬਰ ਨੂੰ ਦੁਨੀਆ ਦੀ ਮਹਾਨ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਵਿਸ਼ਾਲ ਪੱਧਰ ‘ਤੇ ਮਨਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਬੰਦੀ ਛੋੜ ਦਿਵਸ ਦੀ ਚੌਥੀ ਸ਼ਤਾਬਦੀ ਵੀ ਅਗਲੇ ਸਾਲ ਮਨਾਉਣ ਸਬੰਧੀ ਪ੍ਰੋਗਰਾਮ ਉਲੀਕੇ ਜਾ ਰਹੇ ਹਨ।