ਕੀ ਕਿਸਾਨ ਆਗੂਆਂ ਨੇ ਕੇਂਦਰ ਨਾਲ ਰੱਖੀ ਮੀਟਿੰਗ ਬਾਰੇ ਸਚਾਈ ਨਹੀਂ ਦੱਸੀ ਸੀ ? ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਅਤੇ ਸਿਆਸੀ ਆਗੂਆਂ ਦੇ ਬਿਆਨ ਰੱਦ ਕਰਦਿਆਂ ਮੀਟਿੰਗ ਦੀਆਂ ਤਸਵੀਰਾਂ ਕੀਤੀਆਂ ਜਾਰੀ – ਕਿਹਾ ਮੀਟਿੰਗ ਸਕੱਤਰ ਨਾਲ ਹੀ ਸੀ ਤੈਅ

ਨਿਊਜ਼ ਪੰਜਾਬ
ਨਵੀ ਦਿੱਲੀ , 15 ਅਕਤੂਬਰ – ਕਿਸਾਨ ਆਗੂਆਂ ਵਲੋਂ ਕੇਂਦਰ ਸਰਕਾਰ ਨਾਲ ਤੈਅ ਕੀਤੀ ਮੀਟਿੰਗ ਬਾਰੇ ਕੀਤੇ ਜਾ ਰਹੇ ਦਾਹਵਿਆਂ ਬਾਰੇ ਵਿਵਾਦ ਜ਼ੋਰ ਫੜਦਾ ਜਾ ਰਿਹਾ ਹੈ , ਪੰਜਾਬ ਸਰਕਾਰ ਦੇ ਮੰਤਰੀਆਂ , ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਰਾਜਸੀ ਆਗੂਆਂ ਵਲੋਂ ਕੇਂਦਰ ਸਰਕਾਰ ਦੇ ਮੰਤਰੀਆਂ ਵਲੋਂ ਮੀਟਿੰਗ ਤੋਂ ਦੂਰ ਰਹਿਣ ਦੀ ਕੀਤੀ ਜਾ ਰਹੀ ਨਿਖੇਧੀ ਦੇ ਜਵਾਬ ਵਿੱਚ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਵਲੋਂ ਜਾਰੀ ਕੀਤੇ ਬਿਆਨ ਵਿੱਚ ਸਪਸ਼ਟ ਕੀਤਾ ਗਿਆ ਕਿ ਇੱਹ ਮੀਟਿੰਗ ਸਕੱਤਰ ਪੱਧਰ ਤੈ ਹੀ ਬੁਲਾਈ ਗਈ ਸੀ ਜਿਸ ਵਿੱਚ ਕਿਸਾਨਾਂ ਆਗੂਆਂ ਨੇ ੨ ਘੰਟੇ ਵਿਚਾਰ -ਵਟਾਂਦਰਾ ਕੀਤਾ , ਮੰਤਰਾਲੇ ਨੇ ਆਗੂਆਂ ਵਲੋਂ ਦਿੱਤੇ ਜਾ ਰਹੇ ਮੰਗ ਪੱਤਰ ਦੇਣ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ , ਨਿਊਜ਼ ਪੰਜਾਬ ਦੇ ਪਾਠਕ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਬਿਆਨ ਪੜ੍ਹ ਕੇ ਵੇਖਣ ਕਿ ਸਚਾਈ ਕੀ ਹੈ , ਸਿਆਸੀ ਆਗੂ ਅਤੇ ਕਿਸਾਨ ਆਗੂ ਪੰਜਾਬ ਵਿੱਚ ਕੀ ਕਹਿ ਰਹੇ ਹਨ ਤੇ ਦਿੱਲੀ ਵਿੱਚ ਕੀ ?

====ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਬਿਆਨ 

ਭਾਰਤ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਕਰਨ ਦੇ ਲਈ ਹਮੇਸ਼ਾ ਪ੍ਰਤੀਬੱਧ;
ਸਕੱਤਰ, ਖੇਤੀਬਾੜੀ ਮੰਤਰਾਲਾ ਨੇ 29 ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀਆਂ ਦੀ ਮੀਟਿੰਗ ਕੀਤੀਭਾਰਤ ਸਰਕਾਰ ਖੇਤੀਬਾੜੀ ਨੂੰ ਲੈ ਕੇ ਹਮੇਸ਼ਾ ਗੰਭੀਰ ਰਹੀ ਹੈ। ਪੰਜਾਬ ਵਿੱਚ ਬੀਤੇ ਦਿਨਾਂ ਤੋਂ ਅੰਦੋਲਨ ਕਰ ਰਹੇ 29 ਸੰਗਠਨਾਂ ਦੇ ਪ੍ਰਤੀਨਿਧੀਆਂ ਨੂੰ ਕੇਂਦਰ ਸਰਕਾਰ ਨੇ ਵਾਰਤਾ ਦੇ ਲਈ ਸੱਦਾ ਦਿੱਤਾ ਸੀ।   ਇਹ ਮੀਟਿੰਗ ਸਕੱਤਰ, ਖੇਤੀਬਾੜੀ ਮੰਤਰਾਲਾ (ਖੇਤੀਬਾੜੀ, ਸਹਿਕਾਰਤਾ ਤੇ ਕਿਸਾਨ ਭਲਾਈ), ਭਾਰਤ ਸਰਕਾਰ ਦੇ ਪੱਧਰ ’ਤੇ ਹੋਣੀ ਤੈਅ ਸੀ।

ਇਸ ਮੀਟਿੰਗ ਵਿੱਚ ਪੰਜਾਬ ਦੇ ਉਕਤ ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ। ਇਹ ਮੀਟਿੰਗ ਸਕੱਤਰ, ਖੇਤੀਬਾੜੀ ਮੰਤਰਾਲਾ (ਖੇਤੀਬਾੜੀ, ਸਹਿਕਾਰਤਾ ਤੇ ਕਿਸਾਨ ਭਲਾਈ) ਨਾਲ ਆਯੋਜਿਤ ਹੋਈ। ਇਸ ਮੀਟਿੰਗ ਵਿੱਚ ਲਗਭਗ 2 ਘੰਟੇ ਵੱਖ-ਵੱਖ ਵਿਸ਼ਿਆਂ ’ਤੇ ਚਰਚਾ ਹੋਈ। ਇਸ ਮੀਟਿੰਗ ਦੇ ਅੰਤ ਵਿੱਚ ਦੋ ਮੰਗ ਪੱਤਰ (ਮੈਮੋਰੰਡਮ) ਕਿਸਾਨ ਸੰਗਠਨਾਂ ਦੀ ਤਰਫੋਂ ਸਕੱਤਰ, ਖੇਤੀਬਾੜੀ ਮੰਤਰਾਲਾ ਨੂੰ ਸੌਂਪੇ ਗਏ। ਭਾਰਤ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਕਰਨ ਲਈ ਹਮੇਸ਼ਾ ਪ੍ਰਤੀਬੱਧ ਹੈ ਅਤੇ ਭਾਰਤ ਸਰਕਾਰ ਦੇ ਦੁਆਰ ਚਰਚਾ ਲਈ ਹਮੇਸ਼ਾ ਖੁੱਲ੍ਹੇ ਹਨ।

=====

ਪੰਜਾਬ ਦੇ ਮੰਤਰੀਆਂ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਕੇਂਦਰੀ ਮੰਤਰੀਆਂ ਦੀ ਗੈਰਹਾਜ਼ਰੀ ਸੁਮੱਚੇ ਪੰਜਾਬ ਦਾ ਅਪਮਾਨ ਕਰਾਰ
ਕੇਂਦਰ ਦਾ ਪੰਜਾਬ ਤੇ ਕਿਸਾਨੀ ਵਿਰੋਧੀ ਰਵੱਈਆ ਜੱਗ ਜ਼ਾਹਰ ਹੋਇਆ
ਸੁਖਜਿੰਦਰ ਸਿੰਘ ਰੰਧਾਵਾ, ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਤੇ ਸੁਖਬਿੰਦਰ ਸਿੰਘ ਸਰਕਾਰੀਆ ਨੇ ਕੇਂਦਰ ਸਰਕਾਰ ’ਤੇ ਕਿਸਾਨਾਂ ਦਾ ਸਾਹਮਣਾ ਕਰਨ ਤੋਂ ਭੱਜਣ ਦਾ ਦੋਸ਼ ਲਾਇਆ
ਚੰਡੀਗੜ, 14 ਅਕਤੂਬਰ
ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਲਈ ਕੇਂਦਰ ਸਰਕਾਰ ਵੱਲੋਂ ਸੱਦੀ ਮੀਟਿੰਗ ਵਿੱਚ ਕਿਸੇ ਵੀ ਕੇਂਦਰੀ ਮੰਤਰੀ ਦਾ ਨਾ ਪੁੱਜਣਾ ਸਮੁੱਚੇ ਪੰਜਾਬ ਦਾ ਅਪਮਾਨ ਹੈ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀਆਂ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਤੇ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਕਹੀ ਗਈ।
ਅੱਜ ਇਥੇ ਜਾਰੀ ਸਾਂਝੇ ਪ੍ਰੈਸ ਬਿਆਨ ਵਿੱਚ ਤਿੰਨੋ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਤੇ ਪੰਜਾਬ ਵਿਰੋਧੀ ਲਏ ਜਾ ਰਹੇ ਫੈਸਲਿਆਂ ਦੀ ਲੜੀ ਵਿੱਚ ਅੱਜ ਦੀ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਸਰਕਾਰੀ ਅਧਿਕਾਰੀਆਂ ਨੂੰ ਅੱਗੇ ਕਰਨ ਨਾਲ ਕੇਂਦਰ ਦਾ ਕਿਸਾਨ ਤੇ ਪੰਜਾਬ ਵਿਰੋਧੀ ਰਵੱਈਆ ਜੱਗ ਜ਼ਾਹਰ ਹੋ ਗਿਆ। ਉਨਾਂ ਕਿਹਾ ਕਿ ਜਦੋਂ ਕਿਸਾਨ ਵਿਰੋਧੀ ਕਾਨੂੰਨਾਂ ਦਾ ਫੈਸਲਾ ਕੇਂਦਰੀ ਕੈਬਨਿਟ ਵੱਲੋਂ ਕਰਨ ਉਪਰੰਤ ਸੰਸਦ ਤੋਂ ਪਾਸ ਕਰਵਾਇਆ ਗਿਆ ਤਾਂ ਕਾਨੂੰਨਾਂ ਤੋਂ ਅਸੰਤੁਸ਼ਟ ਕਿਸਾਨ ਜਥੇਬੰਦੀਆਂ ਨਾਲ ਗੱਲ ਕਰਨ ਲਈ ਪ੍ਰਧਾਨ ਮੰਤਰੀ ਜਾਂ ਕੇਂਦਰੀ ਮੰਤਰੀ ਕਿਉ ਨਹੀਂ ਅੱਗੇ ਆ ਰਹੇ।
ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਧਿਕਾਰੀਆਂ ਨੂੰ ਅੱਗੇ ਕਰਕੇ ਕਿਸਾਨਾਂ ਦਾ ਸਾਹਮਣਾ ਕਰਨ ਤੋਂ ਭੱਜ ਰਹੀ ਹੈ। ਇਸ ਗੱਲ ਦਾ ਦੂਜਾ ਸਬੂਤ ਇਹ ਹੈ ਕਿ ਕੇਂਦਰੀ ਮੰਤਰੀ ਵੀਡਿਓ ਕਾਨਫਰੰਸ (ਵਰਚੁਅਲ) ਰਾਹੀਂ ਸੂਬੇ ਦੇ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਹਨ। ਉਨਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਇਨਾਂ ਕਾਨੂੰਨਾਂ ਨੂੰ ਕਿਸਾਨ ਦੇ ਹਿਤੈਸ਼ੀ ਹੋਣ ਦਾ ਦਾਅਵਾ ਸੱਚ ਹੈ ਤਾਂ ਫੇਰ ਉਹ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਆਪਣੀ ਵਾਹ-ਵਾਹ ਖੱਟਣ ਤੋਂ ਕਿਉ ਭੱਜ ਰਹੀ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਕ ਪਾਸੇ ਕਿਸਾਨ ਜਥੇਬੰਦੀਆਂ ਨੂੰ ਨਵੀਂ ਦਿੱਲੀ ਵਿਖੇ ਮੀਟਿੰਗ ਲਈ ਸੱਦ ਲਿਆ ਅਤੇ ਦੂਜੇ ਪਾਸੇ ਉਨਾਂ ਦੇ ਕੇਂਦਰੀ ਮੰਤਰੀ ਮੀਟਿੰਗ ਤੋਂ ਗੈਰ ਹਾਜ਼ਰ ਰਹਿੰਦੇ ਹੋਏ ਵਰਚੁਅਲ ਮੀਟਿੰਗਾਂ ਕਰ ਰਹੇ ਹਨ। ਇਹ ਪੰਜਾਬ ਦਾ ਅਪਮਾਨ ਹੈ ਜਿਸ ਨੂੰ ਕੋਈ ਵੀ ਪੰਜਾਬੀ ਸਹਿਣ ਨਹੀਂ ਕਰੇਗਾ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਮੁੱਦੇ ਨੂੰ ਲੈ ਕੇ ਬਹੁਤ ਗੰਭੀਰ ਹੈ। ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੁਦ ਸਮੂਹ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਹੁਣ ਕੈਬਨਿਟ ਵੱਲੋਂ 19 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸਦਨ ਵੀ ਬੁਲਾ ਲਿਆ ਗਿਆ ਹੈ।
——