ਡਿਪਟੀ ਕਮਿਸ਼ਨਰ ਵੱਲੋਂ ਐਨ.ਐਚ.ਏ.ਆਈ. ਨਾਲ ਸਬੰਧਤ ਸੜਕੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼
ਫਿਰੋਜ਼ਪੁਰ ਰੋਡ ਐਲੀਵੇਟਡ ਪ੍ਰੋਜੈਕਟ ਅਤੇ ਲਾਢੋਵਾਲ ਬਾਈਪਾਸ ਸਾਈਟਾਂ ਦਾ ਵੀ ਕੀਤਾ ਦੌਰਾ
ਲੁਧਿਆਣਾ, 15 ਅਕਤੂਬਰ (ਨਿਊਜ਼ ਪੰਜਾਬ)- ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਸ਼ਰਮਾ ਵੱਲੋਂ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨਾਲ ਸਬੰਧਤ ਸੜਕੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਵੱਲੋ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਅਤੇ ਪ੍ਰੋਜੈਕਟਾਂ ਦੇ ਇੰਚਾਰਜ ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਡੀ.ਸੀ.ਪੀ. (ਟ੍ਰੈਫਿਕ) ਸ੍ਰੀ ਸੁਖਪਾਲ ਸਿੰਘ ਬਰਾੜ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ ਚੱਲ ਰਹੇ ਫਿਰੋਜ਼ਪੁਰ ਰੋਡ ਐਲੀਵੇਟਿਡ ਪ੍ਰਾਜੈਕਟ ਅਤੇ ਲਾਢੋਵਾਲ ਬਾਈਪਾਸ ਪ੍ਰਾਜੈਕਟ ਦਾ ਦੌਰਾ ਕੀਤਾ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਲੁਧਿਆਣਾ ਸ਼ਹਿਰ ਵਿੱਚ ਟ੍ਰੈਫਿਕ ਨੂੰ ਧਿਆਨ ਵਿੱਚ ਰੱਖਦਿਆਂ, ਉਨ੍ਹਾਂ ਦੇ ਪ੍ਰਾਜੈਕਟਾਂ ਨਾਲ ਸਬੰਧਤ ਵੱਧ ਤੋਂ ਵੱਧ ਕੰਮ ਨਿਰਧਾਰਤ ਸਮੇਂ ਸੀਮਾ ਦੇ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਨੁਮਾਇੰਦਿਆਂ ਨੂੰ ਅਗਲੇ ਦਿਨਾਂ ਵਿਚ ਸਾਰੇ ਪ੍ਰਾਜੈਕਟਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਤਾਂ ਜੋ ਨਿਯਮਤ ਅਧਾਰ ‘ਤੇ ਇਨ੍ਹਾਂ ਦੀ ਸਮੀਖਿਆ ਕੀਤੀ ਜਾ ਸਕੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਚੱਲ ਰਹੇ ਪ੍ਰਾਜੈਕਟਾਂ ਦਾ ਨਿੱਜੀ ਤੌਰ ‘ਤੇ ਦੌਰਾ ਕਰਨ ਅਤੇ ਇਸ ਸਬੰਧ ਵਿੱਚ ਰਿਪੋਰਟ ਪੇਸ਼ ਕਰਨ। ਇਸੇ ਤਰ੍ਹਾਂ ਠੇਕੇਦਾਰਾਂ ਨੂੰ ਸਰਵਿਸ ਸੜਕਾਂ ਦਾ ਨਿਰਮਾਣ ਕਰਨ ਜਾਂ ਪਹਿਲ ਦੇ ਅਧਾਰ ‘ਤੇ ਉਨ੍ਹਾਂ ਦੀ ਮੁਰੰਮਤ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫਿਰੋਜ਼ਪੁਰ ਰੋਡ ਤੋਂ ਸ਼ੁਰੂ ਹੋ ਕੇ ਸਮਰਾਲਾ ਚੌਕ ਤੱਕ ਐਲੀਵੇਟਡ ਸੜਕ ਦੇ ਨਿਰਮਾਣ ਨਾਲ ਜੁੜੇ ਕੰਮਾਂ ਨੂੰ ਤੇਜ਼ ਕੀਤਾ ਜਾਵੇ ਤਾਂ ਜੋ ਸ਼ਹਿਰ ਵਿੱਚ ਟ੍ਰੈਫਿਕ ਜਾਮ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਲਾਢੋਵਾਲ ਬਾਈਪਾਸ ਨੂੰ ਨਿਰਧਾਰਤ ਸਮੇਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇ।