ਕੈਪਟਨ ਅਮਰਿੰਦਰ ਸਿੰਘ ਵੱਲੋਂ ਮੀਂਹ ਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਫਸਲ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਚੰਡੀਗੜ੍ਹ, 6 ਮਾਰਚ  ( ਨਿਊਜ਼ ਪੰਜਾਬ )-
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਬੇਮੌਸਮੇ ਮੀਂਹ ਤੇ ਗੜ੍ਹੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੁੱਢਲੀ ਮੁਲਾਂਕਣ ਰਿਪੋਰਟ ਸੋਮਵਾਰ ਤੱਕ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।
ਇਸ ਨੁਕਸਾਨ ‘ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਨੁਕਸਾਨੀ ਗਈ ਫਸਲ ਦਾ ਪਤਾ ਲਗਾਉਣ ਲਈ ਤੁਰੰਤ ਕਦਮ ਚੁੱਕਣ ਲਈ ਕਿਹਾ ਹੈ ਤਾਂ ਜੋ ਇਸ ਦੇ ਇਵਜ਼ ਵਜੋਂ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਨੂੰ ਨਿਰਦੇਸ਼ ਦਿੱਤੇ ਹਨ ਕਿ ਮੀਂਹ ਤੇ ਗੜ੍ਹੇਮਾਰੀ ਨੂੰ ਦੇਖਦਿਆਂ ਉਹ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਉਣ ਲਈ ਵਿਸਥਾਰ ਵਿੱਚ ਦਿਸ਼ਾ ਨਿਰਦੇਸ਼ ਜਾਰੀ ਕਰਨ।
ਕੈਪਟਨ ਅਮਰਿੰਦਰ ਸਿੰਘ ਨੇ ਮਾਲ ਮੰਤਰੀ, ਵਿੱਤ ਕਮਿਸ਼ਨਰ ਮਾਲ, ਸਾਰੇ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਮਾਲ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਜ਼ਮੀਨੀ ਪੱਧਰ ‘ਤੇ ਨੁਕਸਾਨੀ ਫਸਲ ਦਾ ਜਾਇਜ਼ਾ ਲੈਣ ਲਈ ਮੀਂਹ ਤੇ ਗੜ੍ਹੇਮਾਰੀ ਪ੍ਰਭਾਵਿਤ ਖੇਤਰਾਂ ਦਾ ਵਿਆਪਕ ਦੌਰਾ ਕਰਨ।
——