ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਹਰ ਹਾਲ ਕਰੇਗੀ-ਧਰਮਸੋਤ
ਮੁੱਖ ਮੰਤਰੀ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਨੂੰ ਤੋਹਫ਼ਾ, 117 ਪਿੰਡ ਬਣਨਗੇ ਸਮਾਰਟ ਪਿੰਡ
ਨਾਭਾ, 17 ਅਕਤੂਬਰ (ਨਿਊਜ਼ ਪੰਜਾਬ)-ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਹਰ ਹਾਲ ਕਰੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ 3 ਕਿਸਾਨ ਮਾਰੂ ਕਾਨੂੰਨਾਂ ਖ਼ਿਲਾਫ਼ ਲੜੀ ਜਾ ਰਹੀ ਲੜਾਈ ਨੂੰ ਮੁਕਾਮ ‘ਤੇ ਪਹੁੰਚਾਇਆ ਜਾਵੇਗਾ। ਅੱਜ ਨਾਭਾ ਦੇ ਪਿੰਡ ਅੱਚਲ ਵਿਖੇ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਪਟਿਆਲਾ ਜ਼ਿਲ੍ਹੇ ‘ਚ ਸ਼ੁਰੂਆਤ ਕਰਵਾਉਣ ਮੌਕੇ ਸ. ਧਰਮਸੋਤ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਨੂੰ ਇੱਕ ਵਿਸ਼ੇਸ਼ ਤੋਹਫ਼ਾ ਦਿੱਤਾ ਹੈ, ਜਿਸ ਕਰਕੇ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 9 ਬਲਾਕਾਂ ਦੇ 117 ਪਿੰਡਾਂ ‘ਚ 121 ਕਰੋੜ ਰੁਪਏ ਦੀ ਲਾਗਤ ਨਾਲ 2959 ਕੰਮ ਕਰਵਾਏ ਜਾਣਗੇ। ਜਦੋਂਕਿ ਇਕੱਲੇ ਨਾਭਾ ਬਲਾਕ ‘ਚ ਹੀ 20.12 ਕਰੋੜ ਰੁਪਏ ਦੀ ਲਾਗਤ ਨਾਲ 405 ਕੰਮ ਕਰਵਾਏ ਜਾਣਗੇ। ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਐਮ.ਪੀ. ਸ੍ਰੀ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵੈਬ ਕਾਨਫਰੰਸ ਰਾਹੀਂ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਨੂੰ ਆਨਲਾਈਨ ਸ਼ੁਰੂ ਕਰਨ ਮੌਕੇ ਪਟਿਆਲਾ ਜ਼ਿਲ੍ਹੇ ਦੇ 117 ਪਿੰਡਾਂ ਨੂੰ ਸਮਾਰਟ ਬਣਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਨਾਭਾ ਬਲਾਕ ਦੇ ਪਿੰਡ ਅੱਚਲ ਵਿਖੇ ਕਰਵਾਈ। ਉਨ੍ਹਾਂ ਨੇ ਪਿੰਡ ਦੇ ਸਰਕਾਰੀ ਮਿਡਲ ਸਮਾਰਟ ਸਕੂਲ ਵਿਖੇ ਨਵੇਂ ਉਸਾਰੇ ਕਮਰੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ 3 ਕਿਸਾਨ ਮਾਰੂ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ, ਜਿਸ ਦੌਰਾਨ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਦੀ ਗੱਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਮਾਰਨ ਲੱਗੀ ਹੋਈ ਹੈ ਪਰੰਤੂ ਕਾਂਗਰਸ ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਆਪਣੀ ਲੜਾਈ ਡੱਟਕੇ ਲੜੇਗੀ। ਸ. ਧਰਮਸੋਤ ਨੇ ਹੋਰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਭ੍ਰਿਸ਼ਟਾਚਾਰ ਮੁਕਤ ਅਤੇ ਗੁਣਵੱਤਾ ਭਰਪੂਰ ਕਾਰਜ ਕਰਵਾਕੇ ਸਾਰੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਦੀ ਆਪਣੀ ਵਚਨਬੱਧਤਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਪਿੰਡਾਂ ਦਾ ਵਿਕਾਸ ਬਿਨ੍ਹਾਂ ਕਿਸੇ ਵਿਤਕਰੇ ਤੋਂ ਕਰਨ ਦੇ ਮਿੱਥੇ ਟੀਚੇ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਕਰਦਿਆਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਦੌਰਾਨ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪ੍ਰਤੀ ਬਲਾਕ 5 ਖੇਡ ਸਟੇਡੀਅਮਾਂ ਤਹਿਤ ਪਿੰਡਾਂ ‘ਚ 750 ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਤੋਂ ਬਿਨ੍ਹਾਂ ਸਰਕਾਰ ਨੇ 15 ਲੱਖ ਬੇਰੁਜ਼ਗਾਰਾਂ ਨੂੰ ਨੌਕਰੀਆਂ ਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਅਤੇ ਹੁਣ 1 ਲੱਖ ਸਰਕਾਰੀ ਅਸਾਮੀਆਂ ‘ਤੇ ਭਰਤੀ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੌਰਾਨ ਬਲਾਕ ਸੰਮਤੀ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ, ਐਸ.ਡੀ.ਐਮ. ਸ੍ਰੀ ਕਾਲਾ ਰਾਮ ਕਾਂਸਲ, ਡੀ.ਐਸ.ਪੀ. ਸ੍ਰੀ ਰਾਜੇਸ਼ ਛਿੱਬੜ, ਸ. ਧਰਮਸੋਤ ਦੇ ਪੀਏ ਚਰਨਜੀਤ ਬਾਤਿਸ਼, ਬੀ.ਡੀ.ਪੀ.ਓ ਸੁਰਿੰਦਰ ਸਿੰਘ ਧਾਲੀਵਾਲ, ਸਰਪੰਚ ਪਰਮਜੀਤ ਕੌਰ, ਯਾਦਵਿੰਦਰ ਸਿੰਘ ਸਮੇਤ ਗ੍ਰਾਮ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਮੌਜੂਦ ਸਨ।