ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਵੰਡੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦੀਆਂ ਵਿਦਿਆਰਥਣਾਂ ਨੂੰ ਸਮਾਰਟ ਫੋਨ
ਅਜਨਾਲਾ, 17 ਅਕਤੂਬਰ (ਨਿਊਜ਼ ਪੰਜਾਬ)- ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਯੁੱਗ ਦੀ ਵਿਦਿਆ ਦੇ ਹਾਣੀ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਤਹਿਤ ਦਿੱਤੇ ਜਾ ਰਹੇ ਸਮਾਰਟ ਫੋਨ ਅਹਿਮ ਭੂਮਿਕਾ ਨਿਭਾਉਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਸਥਾਨਕ ਸ਼ਹਿਰ ਅੰਦਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਾਂਗਰਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਅਤੇ ਚੇਅਰਮੈਨ ਦੀਪਕ ਅਰੋੜਾ ਇਲੈੱਕਟ੍ਰਾਨਿਕ ਵਾਲੇ ਦੀ ਸਾਂਝੀ ਅਗਵਾਈ ‘ਚ ਸਕੂਲ ਵਿਦਿਆਰਥਣਾਂ ਨੂੰ ਸਮਾਰਟ ਫੋਨ ਵੰਡਣ ਸਮੇਂ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਧੇਰੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੌਰਾਨ ਆਨਲਾਈਨ ਪੜਾਈ ਕਰਨ ‘ਚ ਕਾਫੀ ਮੁਸ਼ਕਲਾਂ ਆਉਂਦੀਆਂ ਸਨ, ਜਿਸ ਨੂੰ ਧਿਆਨ ‘ਚ ਰੱਖਦੇ ਹੋਏ ਕਾਂਗਰਸ ਸਰਕਾਰ ਵਲੋਂ ਸਭ ਤੋਂ ਪਹਿਲਾਂ ਸਕੂਲੀ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀ ਸੂਚਨਾ ਅਤੇ ਆਪਣੇ ਅਧਿਆਪਕਾਂ ਨਾਲ ਰਾਬਤਾ ਰੱਖਣ ਵਿਚ ਬਹੁਤ ਮਦਦ ਮਿਲੇਗੀ।