ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ-ਐਸ. ਪੀ ਮਨਵਿੰਦਰ ਬੀਰ ਸਿੰਘ
ਜ਼ਿਲਾ ਪੱਧਰ ’ਤੇ ਪਰਿਵਾਰਕ ਮੈਂਬਰਾਂ ਦੀਆਂ ਸੁਣੀਆਂ ਸਮੱਸਿਆਵਾਂ
ਨਵਾਂਸ਼ਹਿਰ, 17 ਅਕਤੂਬਰ (ਨਿਊਜ਼ ਪੰਜਾਬ)- ਕਾਲੇ ਦਿਨਾਂ ਦੌਰਾਨ ਅੰਦਰੂਨੀ ਏਕਤਾ ਤੇ ਅਖੰਡਤਾ ਲਈ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਵੱਲੋਂ ਅਮਨ ਬਹਾਲੀ ਲਈ ਪਾਏ ਮਾਣਮੱਤੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਪੰਜਾਬ ਪੁਲਿਸ ਨੂੰ ਆਪਣੇ ਇਨਾਂ ਸ਼ਹੀਦਾਂ ਦੇ ਬਲੀਦਾਨ ’ਤੇ ਸਦਾ ਮਾਣ ਰਹੇਗਾ। ਇਹ ਪ੍ਰਗਟਾਵਾ ਐਸ. ਪੀ ਹੈੱਡਕੁਆਰਟਰ ਮਨਵਿੰਦਰ ਬੀਰ ਸਿੰਘ ਨੇ ਜ਼ਿਲਾ ਪੁਲਿਸ ਹੈੱਡਕੁਆਰਟਰ ਵਿਖੇ ਜ਼ਿਲਾ ਪੱਧਰ ’ਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਦੌਰਾਨ ਕੀਤਾ। ਇਸ ਦੌਰਾਨ ਉਨਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨਾਂ ਦਾ ਮੌਕੇ ’ਤੇ ਹੀ ਹੱਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨਾਂ ਕਿਹਾ ਕਿ ਸ਼ਹੀਦ ਕੌਮ ਦਾ ਵਡਮੁੱਲਾ ਸਰਮਾਇਆ ਹੁੰਦੇ ਹਨ ਅਤੇ ਇਸ ਸਰਮਾਏ ਨੂੰ ਹਮੇਸ਼ਾ ਸਹੇਜ ਕੇ ਰੱਖਿਆ ਜਾਵੇਗਾ। ਉਨਾਂ ਵਿਸ਼ਵਾਸ ਦਿਵਾਇਆ ਕਿ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਕਿਸੇ ਵੀ ਤਰਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ 15 ਤੋਂ 21 ਅਕਤੂਬਰ ਤੱਕ ਸ਼ਹੀਦੀ ਦਿਵਸ ਹਫ਼ਤਾ ਮਨਾਇਆ ਜਾ ਰਿਹਾ ਹੈ ਅਤੇ ਇਨਾਂ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ 21 ਅਕਤੂਬਰ ਨੂੰ ਜ਼ਿਲਾ ਪੱਧਰੀ ਯਾਦਗਾਰੀ ਦਿਵਸ ਸਮਾਰੋਹ ਕਰਵਾਇਆ ਜਾਵੇਗਾ।