ਸੁਨਾਮ ‘ਚ ਕਿਸਾਨ ਨਾਅਰਿਆਂ ਨਾਲ 19ਵੇਂ ਦਿਨ ਵੀ ਫ਼ਿਜ਼ਾ ਗਰਮਾਈ
ਸੁਨਾਮ ਊਧਮ ਸਿੰਘ ਵਾਲਾ, 19 ਅਕਤੂਬਰ (ਨਿਊਜ਼ ਪੰਜਾਬ)- ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵਿੱਢੇ ਗਏ ਕਿਸਾਨ ਸੰਘਰਸ਼ ਦੌਰਾਨ ਜਥੇਬੰਦੀ ਵਲੋਂ ਚੋਣਵੇਂ ਭਾਜਪਾ ਆਗੂਆਂ ਦੇ ਕਾਰੋਬਾਰੀ ਟਿਕਾਣਿਆਂ ਨੂੰ ਘੇਰਨ ਦੀ ਮੁਹਿੰਮ ਤਹਿਤ ਅੱਜ ਭਾਜਪਾ ਦੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਦੇ ਘਰ ਅਤੇ ਜ਼ਿਲ੍ਹਾ ਪ੍ਰਧਾਨ ਦੀ ਗੈਸ ਏਜੰਸੀ ਦੇ ਦਫ਼ਤਰ ਤੋਂ ਇਲਾਵਾ ਰਿਲਾਇੰਸ ਅਤੇ ਐਸ. ਆਰ. ਪੈਟਰੋਲ ਪੰਪਾਂ ਅੱਗੇ ਪੱਕਾ ਮੋਰਚਾ ਲਾਕੇ ਬੈਠੇ ਰੋਹ ‘ਚ ਆਏ ਕਿਸਾਨਾਂ ਦੇ ਨਾਅਰਿਆਂ ਨਾਲ ਸੁਨਾਮ ‘ਚ 19ਵੇਂ ਦਿਨ ਵੀ ਫ਼ਿਜ਼ਾ ਗਰਮਾਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਰਾਹੀਂ ਸਰਕਾਰੀ ਖ਼ਰੀਦ ਬੰਦ ਕਰਨ ਦੇ ਇਰਾਦੇ ਨਾਲ ਮੰਡੀਆਂ ‘ਚ ਕਾਰਪੋਰੇਟ ਘਰਾਣਿਆਂ ਨੂੰ ਖੁੱਲ੍ਹੀ ਲੁੱਟ ਕਰਨ ਦਾ ਰਾਹ ਖੋਲ੍ਹ ਦਿੱਤਾ ਹੈ। ਕਿਸਾਨ ਆਗੂਆਂ ਨੇ ਭਾਜਪਾ ਦੇ ਆਗੂ ਹਰਜੀਤ ਸਿੰਘ ਗਰੇਵਾਲ ਦੇ ਉਸ ਬਿਆਨ ਦੀ ਸਖ਼ਤ ਨਿੰਦਿਆ ਕੀਤੀ, ਜਿਸ ‘ਚ ਉਨ੍ਹਾਂ ਕਿਸਾਨ ਸੰਘਰਸ਼ ਨੂੰ ‘ਰਾਜਨੀਤਿਕ ਅੱਤਵਾਦ’ ਅਤੇ ਕਿਸਾਨਾਂ ਨੂੰ ‘ਅੱਤਵਾਦ’ ਕਹਿਣ ਦੀ ਗੱਲ ਆਖੀ ਸੀ।ਉਨ੍ਹਾਂ ਕਿਹਾ ਕਿ ਭਾਜਪਾ ਆਗੂ ਟੀ. ਵੀ. ਚੈਨਲਾਂ ‘ਤੇ ਬੈਠ ਕੇ ਹੀ ਖੇਤੀ ਕਾਨੂੰਨਾਂ ਨੂੰ ਕਿਸਾਨ ਪੱਖੀ ਦੱਸ ਰਹੇ ਹਨ।ਜੇਕਰ ਉਨ੍ਹਾਂ ਨੂੰ ਇਹ ਕਾਨੂੰਨ ਇੰਨੇ ਹੀ ਸਹੀ ਜਾਪਦੇ ਹਨ ਤਾਂ ਉਹ ਪੰਜਾਬ ਦੇ ਪਿੰਡਾਂ ‘ਚ ਆ ਕੇ ਕਿਸਾਨਾਂ ਨੂੰ ਦੱਸਣ।ਇਸ ਨਾਲ ਉਨ੍ਹਾਂ ਨੂੰ ਕਿਸਾਨਾਂ ਦੇ ਰੋਹ ਦਾ ਵੀ ਪਤਾ ਲੱਗ ਜਾਵੇਗਾ।ਇਸ ਮੌਕੇ ਰਾਮਸ਼ਰਨ ਸਿੰਘ ਉਗਰਾਹਾਂ, ਪਾਲ ਸਿੰਘ ਦੌਲਾ ਸਿੰਘ ਵਾਲਾ, ਗੋਬਿੰਦ ਸਿੰਘ ਚੱਠੇ ਨਨਹੇੜ੍ਹਾ, ਅਜੈਬ ਸਿੰਘ ਜਖੇਪਲ, ਮਹਿੰਦਰ ਸਿੰਘ ਨਮੋਲ, ਗੁਰਮੇਲ ਸਿੰਘ ਸ਼ਾਹਪੁਰ ਕਲ੍ਹਾਂ ਅਤੇ ਹੈਪੀ ਨਮੋਲ ਆਦਿ ਮੌਜੂਦ ਸਨ।