ਬੈਂਕ ਡਕੈਤੀਆਂ ‘ਚ ਸ਼ਾਮਿਲ ਗਿਰੋਹ ਦੇ 3 ਮੈਂਬਰ ਕਾਬੂ, ਭਾਰੀ ਮਾਤਰਾ ‘ਚ ਅਸਲਾ ਬਰਾਮਦ

ਹੁਸ਼ਿਆਰਪੁਰ, 20 ਅਕਤੂਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਦਿਨ-ਦਿਹਾੜੇ ਬੈਂਕਾਂ ‘ਚੋਂ ਲੱਖਾਂ ਰੁਪਏ ਦੀ ਨਕਦੀ ਲੁੱਟਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਭਾਰੀ ਮਾਤਰਾ ‘ਚ ਹਥਿਆਰ, ਨਕਦੀ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਕਥਿਤ ਦੋਸ਼ੀਆਂ ਵਲੋਂ ਭੈਣੀ ਮੀਆਂ ਖਾਂ ਜ਼ਿਲ੍ਹਾ ਗੁਰਦਾਸਪੁਰ ‘ਚ ਬੈਂਕ ਲੁੱਟਣ ਦੀ ਰੇਕੀ ਕੀਤੀ ਗਈ ਸੀ ਅਤੇ ਉਸ ਨੂੰ ਅੰਜਾਮ ਦੇਣ ਦੀ ਤਿਆਰੀ ਸੀ। ਇਸ ਸਬੰਧੀ ਜਾਣਕਾਰੀ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਦਿੱਤੀ।