ਨਹਿਰੂ ਯੁਵਾ ਕੇਂਦਰ ਸਲਾਹਕਾਰ ਕਮੇਟੀ ਵੱਲੋਂ ਮੀਟਿੰਗ, ਏ.ਡੀ.ਸੀ. ਸੰਦੀਪ ਕੁਮਾਰ ਨੇ ਕੀਤੀ ਪ੍ਰਧਾਨਗੀ
ਯੂਥ ਕਲੱਬਾਂ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਘਾਤਕ ਸਿੱਟਿਆਂ ਬਾਰੇ ਸੁਚੇਤ ਕਰਨ ਦੇੇ ਦਿੱਤੇ ਨਿਰਦੇਸ਼
ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾਵੇ ਲੋਕਾਂ ਨੂੰ ਜਾਗਰੂਕ
ਲੁਧਿਆਣਾ, 20 ਅਕਤੂਬਰ (ਨਿਊਜ਼ ਪੰਜਾਬ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਨੇ ਸਥਾਨਕ ਬੱਚਤ ਭਵਨ ਲੁਧਿਆਣਾ ਵਿਖੇ ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਯੂਥ ਪ੍ਰੋਗਰਾਮਾਂ ਬਾਰੇ ਜ਼ਿਲ੍ਹਾ ਸਲਾਹਕਾਰ ਕਮੇਟੀ ਵੱਲੋਂ ਕੀਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਨਹਿਰੂ ਯੁਵਾ ਕੇਂਦਰ ਲੁਧਿਆਣਾ ਦੀ ਸਾਲਾਨਾ ਐਕਸ਼ਨ ਪਲਾਨ 2020-21, ਸਲਾਨਾ ਪ੍ਰਗਤੀ ਰਿਪੋਰਟ 2019-20 ਅਤੇ ਕੋਵਡ-19 ਦੌਰਾਨ ਨਹਿਰੂ ਯੁਵਾ ਕੇਂਦਰ ਲੁਧਿਆਣਾ ਦੁਆਰਾ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ। ਕੋਵਿਡ-19 ਸਬੰਧੀ ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਜਾਰੀ ਜਾਗਰੂਕਤਾ ਗਤੀਵਿਧੀਆਂ ‘ਤੇ ਵੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਸ੍ਰੀ ਸੰਦੀਪ ਕੁਮਾਰ ਵੱਲੋਂ ਨਹਿਰੂ ਯੂਵਾ ਕੇਂਦਰ ਨੂੰ ਕਿਹਾ ਕਿ ਯੂਥ ਕਲੱਬਾਂ ਦੇ ਸਹਿਯੋਗ ਨਾਲ ਪਿੰਡ-ਪਿੰਡ ਜਾ ਕੇ ਜ਼ਿਲ੍ਹਾ ਲੁਧਿਆਣਾ ਦੇ ਨੌਜਵਾਨਾਂ ਨੂੰ ਸਰਕਾਰ ਅਤੇ ਹੋਰ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਹੁਨਰ ਵਿਕਾਸ ਯੋਜਨਾਵਾਂ ਬਾਰੇ ਜਾਗਰੂਕ ਕਰਨ ਤਾਂ ਜੋ ਜ਼ਿਲ੍ਹੇ ਦੇ ਨੌਜਵਾਨ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਨਹਿਰੂ ਯੂਵਾ ਕੇਂਦਰ ਨੂੰ ਯੂਥ ਕਲੱਬਾਂ ਦੇ ਸਹਿਯੋਗ ਨਾਲ ਪਰਾਲੀ ਸਾੜਨ ਦੇ ਘਾਤਕ ਸਿੱਟਿਆਂ ਬਾਰੇ ਸੁਚੇਤ ਕਰਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸਕਿੱਲ ਸੈਂਟਰਾਂ, ਕੰਪਿਊਟਰ ਸੈਂਟਰਾਂ ਵਿੱਚ ਸਿਖਲਾਈ ਪ੍ਰਾਪਤ ਕਰਕੇ ਰੋਜ਼ੀ-ਰੋਟੀ ਕਮਾਉਣ ਲਈ ਉਤਸ਼ਾਹਤ ਕੀਤਾ ਜਾਵੇ। ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਨਾਲ ਰਾਬਤਾ ਕਰਕੇ ਸੂਬਾ ਸਰਕਾਰ ਵੱਲੋਂ ਜਾਰੀ ਵੱਖ-ਵੱਖ ਪੈਨਸਨ ਸਕੀਮਾਂ ਜਾਣ ਅਤੇ ਖੇਡ ਵਿਭਾਗ ਨਾਲ ਤਾਲਮੇਲ ਕਰਕੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ ਜਾਵੇ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਜਿਹੜੇ ਯੂਥ ਕਲੱਬ ਕ੍ਰਿਆਸ਼ੀਲ ਨਹੀਂ ਹਨ, ਉਹ ਕ੍ਰਿਆਸ਼ੀਲ ਹੋ ਜਾਣ ਅਤੇ ਵੱਧ-ਚੜ੍ਹ ਕੇ ਲੋਕਾਂ ਦਾ ਸਹਿਯੋਗ ਕਰਨ ਤਾਂ ਜੋ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਆਮ ਲੋਕਾਂ ਤੱਕ ਪਹੁੰਚਾਈਆਂ ਜਾ ਸਕਣ।