ਚੀਫ਼ ਖ਼ਾਲਸਾ ਦੀਵਾਨ ਵੱਲੋਂ ਆਨਰੇਰੀ ਸਕੱਤਰ ਦੇ ਅਹੁਦੇ ਲਈ ਹੋਣ ਵਾਲੀ ਚੋਣ ਮੁਲਤਵੀ ਕਰਨ ਦਾ ਫ਼ੈਸਲਾ
ਅੰਮ੍ਰਿਤਸਰ, 21 ਅਕਤੂਬਰ (ਨਿਊਜ਼ ਪੰਜਾਬ) – ਅੱਜ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਹੋਈ ਇਕੱਤਰਤਾ ਵਿਚ ਦੀਵਾਨ ਦੇ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਜੋ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ, ਦੀ ਥਾਂ ਨਵੇਂ ਆਨਰੇਰੀ ਸਕੱਤਰ ਦੀ ਚੋਣ ਕੋਰੋਨਾ ਸੰਕਟ ਕਾਰਨ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ । ਅੱਜ ਹੋਈ ਇਕੱਤਰਤਾ ਵਿਚ ਪ੍ਰਧਾਨ ਨਿਰਮਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਪਿਛਲੇ ਦਿਨੀਂ ਕੋਰੋਨਾ ਬੀਮਾਰੀ ਕਰਕੇ ਅਕਾਲ ਚਲਾਣਾ ਕਰ ਗਏ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਸੰਵਿਧਾਨ ਮੁਤਾਬਿਕ ਆਨਰੇਰੀ ਸਕੱਤਰ ਦੀ ਖਾਲੀ ਹੋਈ ਥਾਂ 2 ਮਹੀਨਿਆਂ ਦੇ ਅੰਦਰ ਪੁਰ ਕਰਨਾ ਲਾਜ਼ਮੀ ਹੁੰਦਾ ਹੈ। ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਕੋਵਿਡ—19 ਕਾਰਨ ਜ਼ਿਆਦਾ ਇਕੱਠ ਨਾ ਕਰਨ ਕਰਕੇ ਮੌਜੂਦਾ ਸਮੇਂ ਵਿਚ ਆਨਰੇਰੀ ਸਕੱਤਰ ਦੀ ਚੋਣ ਕਰਵਾਉਣਾ ਸੰਭਵ ਨਹੀਂ ਹੈ। ਕਿਉਂਕਿ ਦੀਵਾਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ 100 ਤੋਂ ਵੱਧ ਇਕੱਠ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਪਾਲਣਾ ਕਰਦਿਆਂ ਹਾਲਾਤਾਂ ਦੇ ਮੱਦੇਨਜ਼ਰ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਦੀ ਚੋਣ ਫਿਲਹਾਲ ਮੁਲਤਵੀ ਕੀਤੀ ਜਾਂਦੀ ਹੈ ਅਤੇ ਹਾਲਾਤ ਠੀਕ ਹੁੰਦਿਆਂ ਹੀ ਇਸ ਮੁੱਦੇ ਬਾਬਤ ਫ਼ੈਸਲਾ ਲਿਆ ਜਾਵੇਗਾ।