ਸੜਕ ਹਾਦਸੇ ‘ਚ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 21 ਅਕਤੂਬਰ (ਨਿਊਜ਼ ਪੰਜਾਬ)- ਅੱਜ ਸਵੇਰੇ ਚੀਮਾ ਮੰਡੀ ਝਾੜੋਂ ਸੜਕ ‘ਤੇ ਹੋਏ ਹਾਦਸੇ ‘ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਅਤੇ ਦੂਜੇ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਮਿੱਠੂ ਰਾਮ ਨੇ ਦੱਸਿਆ ਕਿ ਅੱਜ ਸਵੇਰੇ ਚੀਮਾ ਮੰਡੀ ਦੇ ਦੋ ਨੌਜਵਾਨ ਮੋਟਰਸਾਈਕਲ ‘ਤੇ ਕਿਸੇ ਕੰਮ ਜਾ ਕੇ ਲੌਂਗੋਵਾਲ ਤੋਂ ਚੀਮਾ ਮੰਡੀ ਵਾਪਸ ਘਰ ਪਰਤ ਰਹੇ ਸਨ। ਜਿਵੇਂ ਹੀ ਉਹ ਚੀਮਾ ਮੰਡੀ ਝਾੜੋਂ ਸੜਕ ‘ਤੇ ਸ਼ੈਲਰ ਨੇੜੇ ਆਏ ਤਾਂ ਅੱਗੋਂ ਆ ਰਹੀ ਇਕ ਟਰੈਕਟਰ-ਟਰਾਲੀ ਦੀ ਮੋਟਰਸਾਈਕਲ ਨਾਲ ਹੋਈ ਟੱਕਰ ਕਾਰਨ ਰਾਜਵਿੰਦਰ ਸਿੰਘ (18) ਪੁੱਤਰ ਮਹਿੰਦਰ ਸਿੰਘ ਵਾਸੀ ਵਾਰਡ ਨੰਬਰ 11 ਚੀਮਾ ਮੰਡੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇਸੇ ਸੜਕ ਹਾਦਸੇ ‘ਚ ਗੰਭੀਰ ਜ਼ਖਮੀ ਹੋਏ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਵਾਰਡ ਨੰਬਰ 10 ਚੀਮਾ ਮੰਡੀ ਨੂੰ ਪਰਿਵਾਰਕ ਮੈਂਬਰਾਂ ਵਲੋਂ ਰਾਹਗੀਰਾਂ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਇਲਾਜ ਲਈ ਪਟਿਆਲਾ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ‘ਚ ਨਾਮਾਲੂਮ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।