ਪੰਜਾਬ ‘ਚ ਜਲਦੀ ਕਾਇਮ ਹੋਵੇਗਾ ਤੀਜਾ ਸਿਆਸੀ ਫ਼ਰੰਟ- ਜਥੇਦਾਰ ਬ੍ਰਹਮਪੁਰਾ

ਅੰਮ੍ਰਿਤਸਰ, 22 ਅਕਤੂਬਰ (ਨਿਊਜ਼ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੀ ਅੱਜ ਇੱਥੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਪ੍ਰਧਾਨਗੀ ‘ਚ ਇਕੱਤਰਤਾ ਹੋਈ। ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਅਤੇ ਸ਼੍ਰੋਮਣੀ ਕਮੇਟੀ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ‘ਚ ਅਕਾਲੀ ਦਲ (ਬਾਦਲ) ਅਤੇ ਕਾਂਗਰਸ ਵਿਰੁੱਧ ਤੀਜਾ ਸਿਆਸੀ ਫ਼ਰੰਟ ਜਲਦੀ ਕਾਇਮ ਹੋਵੇਗਾ। ਉਨ੍ਹਾਂ ਕਿਹਾ ਇਸ ਸਬੰਧੀ ਉਨ੍ਹਾਂ ਦੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਵੀ ਗੱਲ ਹੋਈ ਹੈ ਅਤੇ ਆਉਂਦੇ ਦਿਨਾਂ ‘ਚ ਇਹ ਨਵਾਂ ਤੀਜਾ ਗੱਠਜੋੜ ਸਾਹਮਣੇ ਆ ਸਕਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਖੇਤੀ ਸੋਧ ਕਾਨੂੰਨ ਵਿਰੁੱਧ ਸੰਘਰਸ਼ ਕਰੇ ਕਿਸਾਨਾਂ ਦੀਆਂ ਜਲਦ ਮੰਗਾਂ ਮੰਨੀਆਂ ਜਾਣ। ਇਸ ਮੌਕੇ ਰੋਸ ਧਰਨਿਆਂ ‘ਤੇ ਬੈਠੇ ਜਿਨ੍ਹਾਂ ਕਿਸਾਨਾਂ ਦੀ ਮੌਤ ਹੋ ਗਈ ਸੀ, ਉਨ੍ਹਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੀ ਆਰਥਿਕ ਸਹਾਇਤਾ ਅਤੇ ਇਕ ਪਰਿਵਾਰਕ ਜੀਅ ਨੂੰ ਨੌਕਰੀ ਦੇਣ ਦੀ ਵੀ ਮੰਗ ਕੀਤੀ ਗਈ।