ਸ਼੍ਰੋਮਣੀ ਕਮੇਟੀ ਸ਼ਤਾਬਦੀ ਸਮਾਗਮਾਂ ਦੌਰਾਨ ਸੰਸਥਾ ਦੀ ਸਥਾਪਨਾ ਦੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਬਣੇਗੀ ਖਿੱਚ ਦਾ ਕੇਂਦਰ- ਭਾਈ ਲੌਂਗੋਵਾਲ

ਅੰਮ੍ਰਿਤਸਰ, 22 ਅਕਤੂਬਰ (ਨਿਊਜ਼ ਪੰਜਾਬ)- ਸ਼੍ਰੋਮਣੀ ਕਮੇਟੀ ਦੀ 100 ਸਾਲਾ ਸ਼ਤਾਬਦੀ ਮੌਕੇ ਕੀਤੇ ਜਾ ਰਹੇ ਵਿਸ਼ੇਸ਼ ਸਮਾਗਮਾਂ ‘ਚ ਸਿੱਖ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ, ਜੋ ਸੰਗਤਾਂ ਦੀ ਖਿੱਚ ਦਾ ਕੇਂਦਰ ਬਣੇਗੀ। ਇਸ ਸ਼ਤਾਬਦੀ ਦੀਆਂ ਤਿਆਰੀਆਂ ਸਬੰਧੀ ਸ਼ਤਾਬਦੀ ਕਮੇਟੀ ਦੀ ਇਕੱਤਰਤਾ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਇਹ ਚਿੱਤਰ ਪ੍ਰਦਰਸ਼ਨੀ 12 ਤੋਂ 15 ਨਵੰਬਰ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਸਾਹਮਣੇ ਲਗਾਈ ਜਾਵੇਗੀ। ਇਸ ਮੌਕੇ ਸਜਾਈਆਂ ਜਾਣ ਵਾਲੀਆਂ ਤਸਵੀਰਾਂ ਨੂੰ ਤਿਆਰ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਇਕ ਹਫ਼ਤੇ ਦੀ ਚਿੱਤਰਕਲਾ ਵਰਕਸ਼ਾਪ ਵੀ ਲਗਾਈ ਜਾਵੇਗੀ ਅਤੇ ਇਨ੍ਹਾਂ ਤਸਵੀਰਾਂ ‘ਚ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਕੀਤੇ ਗਏ ਸੰਘਰਸ਼, ਮੋਰਚਿਆਂ ਅਤੇ ਕੁਰਬਾਨੀਆਂ ਦੇ ਇਤਿਹਾਸ ਨੂੰ ਦਰਸਾਇਆ ਜਾਵੇਗਾ। ਇਸ ਇਕੱਤਰਤਾ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ, ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ, ਰਾਜਿੰਦਰ ਸਿੰਘ ਰੂਬੀ, ਇਕਬਾਲ ਸਿੰਘ ਮੁਖੀ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।