ਕਿਸਾਨਾਂ, ਮਜ਼ਦੂਰਾਂ ਵਲੋਂ ਰੇਲਵੇ ਟਰੈਕ ਬਸਤੀ ਟੈਂਕਾਂ ਵਾਲੀ ਵਿਖੇ 29ਵੇਂ ਦਿਨ ਤੋਂ ਬਾਅਦ ਧਰਨਾ ਮੁਅੱਤਲ ਕਰਨ ਦਾ ਐਲਾਨ

ਫ਼ਿਰੋਜ਼ਪੁਰ, 22 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਦੀ ਆਰਥਿਕਤਾ ਖੇਤੀ ਆਧਾਰਿਤ ਹੋਣ ਕਰਕੇ ਕਿਸਾਨ, ਮਜ਼ਦੂਰ, ਦੁਕਾਨਦਾਰ ਆਦਿ ਸਾਰੇ ਵਰਗ ਕੇਂਦਰ ਸਰਕਾਰ ਦੇ ਤਿੰਨੇ ਖੇਤੀ ਕਾਨੂੰਨਾਂ ਤੋਂ ਪ੍ਰਭਾਵਿਤ ਹੋਣੇ ਹਨ ਅਤੇ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਖੇਤੀ ਬਿੱਲਾਂ ਨੂੰ ਕੇਂਦਰੀ ਖੇਤੀ ਕਾਨੂੰਨਾਂ ਦੇ ਪੂਰਕ ਸਮਝਦਿਆਂ ਅੱਜ ਸੈਂਕੜੇ ਕਿਸਾਨਾਂ, ਮਜ਼ਦੂਰਾਂ ਨੇ ਰੇਲਵੇ ਟਰੈਕ ਬਸਤੀ ਟੈਂਕਾਂ ਵਾਲੀ ‘ਤੇ ਲੱਗੇ ਪੱਕੇ ਮੋਰਚੇ ਦੇ 29ਵੇਂ ਦਿਨ ਸ਼ਮੂਲੀਅਤ ਕਰਕੇ ਪੰਜਾਬ ਅਤੇ ਕੇਂਦਰ ਸਰਕਾਰ ‘ਤੇ ਮਿਲੀ ਭੁਗਤ ਦਾ ਦੋਸ਼ ਲਾਇਆ ਅਤੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਲਈ ਦੋਹਾਂ ਸਰਕਾਰ ਇੰਨ-ਬਿੰਨ ਹਨ। ਇਸ ਮੌਕੇ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਇਲਾਵਾ ਅਡਾਨੀਆਂ-ਅੰਬਾਨੀਆਂ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਵੀ ਕੀਤਾ। ਰੇਲਵੇ ਟਰੈਕ ‘ਤੇ ਅੰਦੋਲਨਕਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀ ਵਾਲਾ, ਮੀਤ ਸਕੱਤਰ ਰਣਬੀਰ ਸਿੰਘ ਠੱਠਾ ਨੇ ਕਿਹਾ ਕਿ ਪੰਜਾਬ ‘ਚ ਕੋਲਾ ਅਤੇ ਯੂਰੀਆ ਖਾਦਾਂ ਆਦਿ ਦੀ ਕਿੱਲਤ ਪੈਦਾ ਹੋਣ ‘ਤੇ ਪੰਜਾਬ ਦੀ ਜਨਤਾ, ਕਿਸਾਨਾਂ ਅਤੇ ਮਜ਼ਦੂਰਾਂ ਦੀ ਪ੍ਰੇਸ਼ਾਨੀ ਨੂੰ ਵੇਖਦੇ ਹੋਏ ਬਸਤੀ ਟੈਂਕਾਂ ਵਾਲੀ ਫ਼ਿਰੋਜ਼ਪੁਰ ਲੱਗੇ ਧਰਨੇ ਨੂੰ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ ਅਤੇ ਦੇਵੀਦਾਸਪੁਰਾ ਅੰਮ੍ਰਿਤਸਰ ਰੇਲਵੇ ਟਰੈਕ ‘ਤੇ ਲੱਗੇ ਧਰਨੇ 29 ਅਕਤੂਬਰ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ 28 ਅਕਤੂਬਰ ਨੂੰ ਕੋਰ ਕਮੇਟੀ ਪੰਜਾਬ ਮੀਟਿੰਗ ‘ਚ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕਣ ਜਾਵੇਗੀ।