ਮੋਗਾ ਵਿਖੇ ਰਾਸ਼ਟਰੀ ਲੋਕ ਅਦਾਲਤ 12 ਦਸੰਬਰ ਨੂੰ
ਵੱਧ ਤੋ ਵੱਧ ਲੋਕ ਇਨਾਂ ਲੋਕ ਅਦਾਲਤਾਂ ਜਰੀਏ ਛੇਤੀ ਅਤੇ ਸਸਤਾ ਨਿਆਂ ਕਰਨ ਪ੍ਰਾਪਤ – ਬਗੀਚਾ ਸਿੰਘ
ਮੋਗਾ, 23 ਅਕਤੂਬਰ (ਡਾ: ਸਵਰਨਜੀਤ ਸਿੰਘ)- ਆਮ ਜਨਤਾ ਦੀ ਸਹੂਲਤ ਲਈ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਦੀ ਲੜੀ ਵਿਚ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, (ਮੋਹਾਲੀ) ਅਤੇ ਜ਼ਿਲਾ ਤੇ ਸ਼ੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਮੁਨੀਸ਼ ਸਿੰਗਲ ਦੀ ਰਹਿਨੁਮਾਈ ਹੇਠ ਰਾਸ਼ਟਰੀ ਲੋਕ ਅਦਾਲਤ 12 ਦਸੰਬਰ 2020 ਨੂੰ ਲਗਾਈ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਿੰਗਲ ਨੇ ਦੱਸਿਆ ਕਿ ਰਾਸ਼ਟਰੀ ਲੋਕ ਅਦਾਲਤ ਮੋਗਾ ਤੋ ਇਲਾਵਾ ਸਬ ਡਵੀਜ਼ਨ ਪੱਧਰ ਤੇ ਵੀ ਇਕ-ਇਕ ਬੈਂਚ ਸਥਾਪਿਤ ਕਰੇਗੀ। ਉਨਾਂ ਕਿਹਾ ਕਿ ਨਿਹਾਲ ਸਿੰਘ ਵਾਲਾ ਅਤੇ ਬਾਘਾ ਪੁਰਾਣਾ ਕੋਰਟ ਕੰਪਲੇੇੈਕਸ ਵਿਖੇ ਵੀ ਇਹ ਅਦਾਲਤ ਲਗਾਈ ਜਾਵੇਗੀ। ਉਨਾਂ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿਚ ਹਰ ਤਰਾਂ ਦੇ ਕੇਸ ਜਿਵੇਂ ਕਿ ਸੀ.ਆਰ.ਪੀ.ਸੀ. ਦੀ ਧਾਰਾ 320 ਤਹਿਤ ਆਉਂਦੇ ਰਾਜ਼ੀਨਾਮਾ ਹੋਣ ਯੋਗ ਫ਼ੌਜ਼ਦਾਰੀ ਮਾਮਲਿਆਂ ਦੇ ਇਲਾਵਾ ਚੈਕ ਬਾਊਂਸ ਕੇਸ, ਬੈਕਾਂ ਦੇ ਰਿਕਵਰੀ ਕੇਸ, ਪਤੀ-ਪਤਨੀ ਦੇ ਆਪਸੀ ਤੇ ਪਰਿਵਾਰਕ ਝਗੜੇ, ਜ਼ਮੀਨ ਜਾਇਦਾਦ ਸਬੰਧੀ ਝਗੜੇ, ਬਿਜਲੀ ਤੇ ਪਾਣੀ ਦੇ ਬਿਲਾਂ ਦੇ ਝਗੜੇ, ਤਨਖਾਹ ਤੇ ਭੱਤਿਆਂ ਸਬੰਧੀ, ਕਰਮਚਾਰੀਆਂ ਦੀ ਸੇਵਾ ਨਾਲ ਸਬੰਧਤ ਕੇਸ, ਮਾਲ ਵਿਭਾਗ ਨਾਲ ਸਬੰਧਤ, ਮੋਟਰ ਵਹੀਕਲ ਐਕਟ ਤਹਿਤ ਐਮ.ਏ.ਸੀ.ਟੀ. (ਮੋਟਰ ਐਕਸੀਡੈਂਟ ਕਲੇਮ ਟਿ੍ਰਬਿਊਨਲ), ਕਿਰਾਏ ਸਬੰਧੀ ਝਗੜੇ ਤੇ ਹੋਰ ਦੀਵਾਨੀ ਕੇਸਾਂ ਨਾਲ ਸਬੰਧਤ ਝਗੜਿਆਂ ਆਦਿ ਦੇ ਕੇਸ ਲਗਾਏ ਜਾ ਰਹੇ ਹਨ। ਸੀ ਜੇ ਐਮ ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਬਗੀਚਾ ਸਿੰਘ ਨੇ ਦੱਸਿਆ ਕਿ ਇਨਾਂ ਲੋਕ ਅਦਾਲਤਾਂ ਵਿੱਚ ਆਪਸੀ ਰਾਜ਼ੀਨਾਮੇ ਨਾਲ ਕੇਸਾਂ ਦਾ ਨਿਪਟਾਰਾ ਕਰਵਾ ਕੇ ਲੋਕ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰ ਸਕਦੇ ਹਨ। ਜਿਸ ਨਾਲ ਦੋਵੇਂ ਧਿਰਾਂ ਦੀ ਆਪਸੀ ਰੰਜਿਸ਼ ਖ਼ਤਮ ਹੁੰਦੀ ਹੈ ਅਤੇ ਕੇਸ ਦਾ ਨਿਪਟਾਰਾ ਵੀ ਜਲਦੀ ਹੋ ਜਾਂਦਾ ਹੈ। ਇਸ ਨਾਲ ਪੈਸੇ ਦੀ ਵੀ ਬਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ ਨੂੰ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ ਅਤੇ ਇਸ ਦੇ ਫ਼ੈਸਲੇ ਖਿਲਾਫ਼ ਕੋਈ ਅਪੀਲ ਨਹੀਂ ਹੁੰਦੀ। ਲੋਕ ਅਦਾਲਤ ਵਿੱਚ ਫ਼ੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਿਸ ਮਿਲ ਜਾਂਦੀ ਹੈ। ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕੀ ਅਦਾਲਤਾਂ ਵਿੱਚ ਲੰਬਿਤ ਕੇਸਾਂ ਨੂੰ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਕੇਸ ਲਗਾ ਕੇ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਸਬੰਧੀ ਜ਼ਿਲਾ ਅਦਾਲਤਾਂ, ਮੋਗਾ ਵਿਖੇ ਸਥਿਤ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।