ਨੌਜਵਾਨ ਊਰਜਾ ਨੂੰ ਉਸਾਰੂ ਪਾਸੇ ਲਾਉਣ ਵਿਚ ਨਹਿਰੂ ਯੁਵਾ ਕੇਂਦਰ ਦਾ ਅਹਿਮ ਯੋਗਦਾਨ-ਡੀ. ਸੀ
ਨਹਿਰੂ ਯੁਵਾ ਕੇਂਦਰ ਜ਼ਿਲਾ ਸਲਾਹਕਾਰ ਕਮੇਟੀ ਦੀ ਹੋਈ ਮੀਟਿੰਗ
ਨਵਾਂਸ਼ਹਿਰ, 23 ਅਕਤੂਬਰ (ਨਿਊਜ਼ ਪੰਜਾਬ)-ਨਹਿਰੂ ਯੁਵਾ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਦੀ ਜ਼ਿਲਾ ਸਲਾਹਕਾਰ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਇਸ ਮੌਕੇ ਨਹਿਰੂ ਯੁਵਾ ਕੇਂਦਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਨੌਜਵਾਨ ਊਰਜਾ ਨੂੰ ਉਸਾਰੂ ਪਾਸੇ ਲਾਉਣ ਵਿਚ ਨਹਿਰੂ ਯੁਵਾ ਕੇਂਦਰ ਬੇਹੱਦ ਅਹਿਮ ਯੋਗਦਾਨ ਦੇ ਰਿਹਾ ਹੈ। ਉਨਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਨਾਲ ਜੁੜੇ ਯੂੁਥ ਕਲੱਬਾਂ ਅਤੇ ਨੌਜਵਾਨਾਂ ਨੇ ਕੋਵਿਡ ਕਾਲ ਅਤੇ ਲਾਕਡਾਊਨ ਦੌਰਾਨ ਜਿਸ ਸ਼ਿੱਦਤ ਅਤੇ ਪ੍ਰਤੀਬੱਧਤਾ ਨਾਲ ਲੋਕਾਂ ਦੀ ਸੇਵਾ ਕੀਤੀ ਹੈ, ਉਹ ਇਕ ਮਿਸਾਲ ਹੈ। ਉਨਾਂ ਕਿਹਾ ਕਿ ਜ਼ਿਲੇ ਦੇ ਵੱਧ ਤੋਂ ਵੱਧ ਯੂਥ ਕਲੱਬਾਂ ਅਤੇ ਨੌਜਵਾਨਾਂ ਨੂੰ ਨਹਿਰੂ ਯੁਵਾ ਕੇਂਦਰ ਨਾਲ ਜੁੜਨਾ ਚਾਹੀਦਾ ਹੈ, ਕਿਉਂਕਿ ਇਸ ਨਾਲ ਉਨਾਂ ਨੂੰ ਇਕ ਤਰਾਂ ਦਾ ਪਲੇਟਫਾਰਮ ਮੁਹੱਈਆ ਹੋਵੇਗਾ। ਇਸ ਮੌਕੇ ਕਮੇਟੀ ਦੇ ਮੈਂਬਰ ਸਕੱਤਰ-ਕਮ-ਜ਼ਿਲਾ ਯੂਥ ਕੋਆਰਡੀਨੇਟਰ ਵੰਦਨਾ ਲੌਅ ਵੱਲੋਂ ਨਹਿਰੂ ਯੁਵਾ ਕੇਂਦਰ ਵੱਲੋਂ ਜ਼ਿਲੇ ਵਿਚ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਵੱਲੋਂ ਲਾਕਡਾਊਨ ਦੌਰਾਨ ਰਾਸ਼ਨ ਤੇ ਖਾਣਾ ਵੰਡਣ, ਮਾਸਕ ਤਿਆਰ ਕਰਨ, ਸੈਨੀਟਾਈਜ਼ਰ ਆਦਿ ਵੰਡਣ ਵਿਚ ਅਹਿਮ ਭੂਮਿਕਾ ਨਿਭਾਈ ਗਈ ਹੈ। ਇਸੇ ਤਰਾਂ ਲੋਕਾਂ ਨੂੰ ਦੀਕਸ਼ਾ ਅਤੇ ਅਰੋਗਿਆ ਸੇਤੂ ਐਪ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੰਜਾਬ ਸਰਕਾਰ ਦੇ ‘ਮਿਸ਼ਨ ਫ਼ਤਿਹ’ ਵਿਚ ਵੱਧ-ਚੜ ਕੇ ਹਿੱਸਾ ਲਿਆ ਗਿਆ। ਉਨਾਂ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਹੁਣ ਆਤਮ ਨਿਰਭਰ ਭਾਰਤ ਅਭਿਆਨ ਤਹਿਤ ਨੋਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਯੋਜਨਾ ਉਲੀਕੀ ਗਈ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਵਿਸ਼ਵਾਸ ਦਿਵਾਇਆ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਵਿਚ ਜ਼ਿਲਾ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਐਨ. ਐਸ. ਐਸ ਅਫ਼ਸਰ ਸੰਜੀਵ ਕੁਮਾਰ, ਡੀ. ਪੀ. ਆਰ. ਓ ਹਰਦੇਵ ਸਿੰਘ ਆਸੀ, ਈ. ਓ ਨਗਰ ਕੌਂਸਲ ਨਵਾਂਸ਼ਹਿਰ ਰਾਜੀਵ ਸਰੀਨ, ਬੀ. ਐਮ. ਐਮ ਯੂਥ ਸ਼ੰਮੀ ਠਾਕੁਰ, ਰਿਸ਼ਿਵ ਸਿੰਗਲਾ, ਰਮਨ ਭੋਰੀਆਂ, ਫੁੱਟਬਾਲ ਕੋਚ ਗੁਰਪ੍ਰੀਤ ਸਿੰਘ ਬਾਂਸਲ, ਸੁਖਵਿੰਦਰ ਸਿੰਘ, ਨਿਰਮਲ ਸਿੰਘ, ਪੰਕਜ ਰਟੈਂਡਾ ਤੋਂ ਇਲਾਵਾ ਨਹਿਰੂ ਯੁਵਾ ਕੇਂਦਰ ਦੇ ਹੋਰ ਵਲੰਟੀਅਰ ਹਾਜ਼ਰ ਸਨ।