ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 3436 ਸੈਂਪਲ ਲਏ, 55 ਪੋਜ਼ੀਟਿਵ, 1 ਮੌਤ
ਨਿਊਜ਼ ਪੰਜਾਬ
– ਮਰੀਜ਼ਾਂ ਦੇ ਠੀਕ ਹੋਣ ਦੀ ਦਰ 94.62% ਹੋਈ
– ਡਿਪਟੀ ਕਮਿਸ਼ਨਰ ਵੱਲੋਂ ਐੱਸ.ਡੀ.ਐੱਮਜ਼ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਸ਼ਲਾਘਾ
– ਕਿਹਾ! ਅਸੀਂ ਚਰਮ ਸੀਮਾ (Peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ
ਲੁਧਿਆਣਾ, 25 ਅਕਤੂਬਰ – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 3436 ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਡੀ.ਐੱਮਜ਼. ਦੀ ਦੇਖ-ਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 3436 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ ਡੀ ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਉਹਨਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ‘ਮਿਸ਼ਨ ਫਤਹਿ’ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 20022 ਮਰੀਜ਼ਾਂ ਵਿਚੋਂ 94.62% (18945 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 246 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 18945 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 66 ਮਰੀਜ਼ (55 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 11 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 375197 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 372807 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 350094 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 2390 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 20022 ਹੈ, ਜਦਕਿ 2691 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 1 ਮੌਤ ਦੀ ਪੁਸ਼ਟੀ ਹੋਈ (ਜੋ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 828 ਅਤੇ 306 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 46504 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1127 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 39 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਹੁਣ ਅਸੀਂ ਚਰਮ ਸੀਮਾ (Peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।