ਬਦਲੀ ਨੀਤੀ ‘ਤੇ ਵਰਤੀ ਅਲਗਰਜ਼ੀ ਨੂੰ ਲੈ ਕੇ ਅਧਿਆਪਕਾਂ ਵਲੋਂ ਸਿੱਖਿਆ ਵਿਭਾਗ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ

ਚੰਡੀਗੜ੍ਹ, 26 ਅਕਤੂਬਰ (ਨਿਊਜ਼ ਪੰਜਾਬ)- ਸਿੱਖਿਆ ਵਿਭਾਗ ਵਲੋਂ ਪਿਛਲੇ ਸੈਸ਼ਨ ਦੌਰਾਨ ਅਧਿਆਪਕਾਂ ਦੀ ਆਨਲਾਈਨ ਬਦਲੀ ਨੀਤੀ ਜਾਰੀ ਕਰਨ ਸਮੇਂ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵਲੋਂ ਹਰ ਸਾਲ ਅਪ੍ਰੈਲ ਮਹੀਨੇ ਤੱਕ ਬਦਲੀਆਂ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਵਿਭਾਗ ਵਲੋਂ ਇਸ ਸੈਸ਼ਨ ਦੌਰਾਨ ਲੰਘੇ ਅੱਠ ਮਹੀਨੇ ਦੌਰਾਨ ਇਸ ਕੰਮ ਨੂੰ ਠੰਡੇ ਬਸਤੇ ਪਾਉਂਦਿਆਂ ਲੋੜਵੰਦ ਅਧਿਆਪਕਾਂ ਨੂੰ ਨਿਰਾਸ਼ਾ ਵੱਲ ਧੱਕ ਦਿੱਤਾ ਗਿਆ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਸੂਬਾ ਪ੍ਰਧਾਨ ਦਵਿੰਦਰ ਪੂਨੀਆ, ਜਨਰਲ ਸਕੱਤਰ ਜਸਵਿੰਦਰ ਝਬੇਲਵਾਲੀ ਅਤੇ ਸੀਨੀਅਰ ਮੀਤ ਪ੍ਰਧਾਨ ਵਿਕਰਮਦੇਵ ਸਿੰਘ ਨੇ ਸਿੱਖਿਆ ਵਿਭਾਗ ਦੀ ਅਲਗਰਜ਼ੀ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਬਦਲੀਆਂ ‘ਤੇ ਲੱਗੀ ਰੋਕ ਨੂੰ ਹਟਾ ਕੇ, ਦੂਰ ਦੇ ਜ਼ਿਲ੍ਹਿਆਂ ‘ਚ ਕੰਮ ਕਰਦੇ ਅਧਿਆਪਕਾਂ ਨੂੰ ਆਪਣੇ ਗ੍ਰਹਿ ਜ਼ਿਲ੍ਹਿਆਂ ‘ਚ ਬਦਲੀ ਕਰਵਾਉਣ ਦਾ ਵਿਸ਼ੇਸ਼ ਮੌਕਾ ਦੇਣ ਦੀ ਮੰਗ ਕੀਤੀ ਹੈ ਅਤੇ ਅਜਿਹਾ ਨਾ ਹੋਣ ਦੀ ਸੂਰਤ ‘ਚ ਉਨ੍ਹਾਂ ਨੇ ਸੰਘਰਸ਼ ਵਿੱਢਣ ਦਾ ਐਲਾਨ ਵੀ ਕਰ ਦਿੱਤਾ ਹੈ।