ਸੰਗਰੂਰ ‘ਚ ਕਿਸਾਨਾਂ ਨੇ ਰਿਲਾਇੰਸ ਦੀ ਐਕਸਚੇਂਜ ਨੂੰ ਲਾਇਆ ਤਾਲਾ
ਸੰਗਰੂਰ, 26 ਅਕਤੂਬਰ (ਨਿਊਜ਼ ਪੰਜਾਬ)- ਅੱਜ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ‘ਤੇ ਰੋਸ ਰੈਲੀ ਕਰਨ ਤੋਂ ਬਾਅਦ ਕਿਸਾਨ ਉੱਥੋਂ ਰੋਸ ਮਾਰਚ ਕਰਦੇ ਹੋਏ ਬਰਨਾਲਾ ਰੋਡ ‘ਤੇ ਸਥਿਤ ਰਿਲਾਇੰਸ ਦੀ ਐਕਸਚੇਂਜ ਤੱਕ ਗਏ ਅਤੇ ਉਸ ਦੇ ਗੇਟ ਨੂੰ ਤਾਲਾ ਲਗਾ ਕੇ ਬੰਦ ਕਰ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉੱਦਮ ਸਿੰਘ ਸੰਤੋਖਪੁਰਾ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬੀਕੇਯੂ ਡਕੌਂਦਾ ਦੇ ਬਲਾਕ ਧੂਰੀ ਦੇ ਪ੍ਰਧਾਨ ਸ਼ਿਆਮ ਦਾਸ ਕਾਂਝਲੀ, ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਸੰਗਰੂਰ ਦੇ ਪ੍ਰਧਾਨ ਸੁਖਦੇਵ ਸਿੰਘ ਉਭਾਵਾਲ, ਪੰਜਾਬ ਕਿਸਾਨ ਯੂਨੀਅਨ ਦੇ ਬਲਵੀਰ ਸਿੰਘ ਜਲੂਰ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਵਾਲ, ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਸੁਖਪਾਲ ਸਿੰਘ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਹਰਮੇਲ ਸਿੰਘ ਮਹਿਰੋਕ ਅਤੇ ਕਿਸਾਨ ਆਗੂ ਅਵਤਾਰ ਸਿੰਘ ਬਾਦਸ਼ਾਹਪੁਰ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਵਲੋਂ ਕੱਲ੍ਹ ਜ਼ੁਬਾਨੀ ਹੁਕਮਾਂ ਰਾਹੀਂ ਪੰਜਾਬ ‘ਚ ਮਾਲ ਗੱਡੀਆਂ ਦੀ ਆਵਾਜਾਈ ‘ਤੇ ਰੋਕ ਲਾਉਣਾ ਸਾਬਤ ਕਰਦਾ ਹੈ ਕਿ ਜਿੱਥੇ ਪਹਿਲਾਂ ਮੋਦੀ ਨੇ ਖੇਤੀ ਵਿਰੋਧੀ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ, ਹੁਣ ਪੰਜਾਬ ਦੇ ਵਪਾਰੀਆਂ ਅਤੇ ਆਮ ਲੋਕਾਂ ਦੇ ਖ਼ਿਲਾਫ਼ ਇਹ ਫ਼ੈਸਲਾ ਲੈ ਕੇ ਪੂਰੇ ਪੰਜਾਬ ਨੂੰ ਤਬਾਹ ਕਰਨ ‘ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਮੋਦੀ ਦੇ ਇਨ੍ਹਾਂ ਬੇਹੂਦਾ ਫ਼ੈਸਲਿਆਂ ਤੋਂ ਪੰਜਾਬ ਦੇ ਲੋਕ ਡਰਨ ਵਾਲੇ ਨਹੀਂ ਅਤੇ ਜਿਸ ਤਰ੍ਹਾਂ ਪਹਿਲਾਂ ਇੱਕਮੁੱਠ ਹੋ ਕੇ ਲੜਾਈ ਲੜ ਰਹੇ ਹਨ ਹੁਣ ਵੀ ਸਾਰਾ ਪੰਜਾਬ ਇੱਕਮੁੱਠ ਹੋ ਕੇ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਅਤੇ ਮੋਦੀ ਦੇ ਅਜਿਹੇ ਲੋਕ ਮਾਰੂ ਫ਼ੈਸਲਿਆਂ ਖ਼ਿਲਾਫ਼ ਡਟ ਕੇ ਸੰਘਰਸ਼ ਕਰੇਗਾ।