ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਅਨਾਥ ਆਸ਼ਰਮ ਅਤੇ ਅਪਾਹਜ ਆਸ਼ਰਮ ਦਾ ਅਚਾਨਕ ਨਿਰੀਖਣ
ਪਟਿਆਲਾ, 26 ਅਕਤੂਬਰ (ਨਿਊਜ਼ ਪੰਜਾਬ)-ਜ਼ਿਲ੍ਹਾ ਤੇ ਸੈਸ਼ਨ ਜੱਜ ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਨੇ ਅੱਜ ਮਾਤਾ ਗੁਜਰੀ ਕੰਨਿਆ ਛਤੱਰਵਾਸ, ਪਿੰਡ ਕਲਰਭੈਣੀ, ਬੀਰ ਜੀ ਅਪਾਹਜ ਆਸ਼ਰਮ ਤੇ ਯਾਦਵਿੰਦਰਾ ਪੂਰਨ ਬਾਲ ਨਿਕੇਤਨ, ਲਾਹੌਰੀ ਗੇਟ ਪਟਿਆਲਾ ਦਾ ਅਚਾਨਕ ਨਿਰੀਖਣ ਕੀਤਾ। ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਪਰਮਿੰਦਰ ਕੌਰ ਵੀ ਮੌਜੂਦ ਸਨ। ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਆਸ਼ਰਮਾਂ ‘ਚ ਰਹਿ ਰਹੇ ਬੱਚਿਆਂ ਤੋਂ ਉਨ੍ਹਾਂ ਦੇ ਰਹਿਣ-ਸਹਿਣ, ਪੜਾਈ ਅਤੇ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਖੁੱਲ ਕੇ ਗੱਲਬਾਤ ਕੀਤੀ ਅਤੇ ਸੈਂਟਰਾਂ ਦੇ ਪ੍ਰਬੰਧਕਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਵੱਲੋਂ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕਰਦਿਆ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਅਤੇ ਅਪਾਹਜਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿੱਚ ਕਿਸੇ ਪ੍ਰਕਾਰ ਦੀ ਢਿੱਲ ਨਾ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਸਮੇਂ-ਸਮੇਂ ‘ਤੇ ਬੱਚਿਆਂ ਅਤੇ ਅਪਹਾਜਾਂ ਦੇ ਅਜਿਹੇ ਦੇਖਭਾਲ ਸੈਂਟਰਾਂ ਦਾ ਨਿਰੀਖਣ ਕੀਤਾ ਜਾਂਦਾ ਹੈ, ਤਾਂ ਜੋ ਅਨਾਥ ਤੇ ਬੇਸਹਾਰਾ ਬੱਚਿਆਂ ਅਤੇ ਅਪਹਾਜਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੇ ਉਪਰਾਲਿਆਂ ‘ਚ ਕੋਈ ਕਮੀ ਜਾਂ ਬੇਨਿਯਮੀ ਨਾ ਰਹੇ। ਉਨ੍ਹਾਂ ਇਸ ਮੌਕੇ ਕਾਨੂੰਨੀ ਸਹਾਇਤਾ ਲਈ ਟੋਲ ਫ਼ਰੀ ਨੰਬਰ 1968 ਸਬੰਧੀ ਵੀ ਜਾਣਕਾਰੀ ਦਿੱਤੀ।