ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿਚ ਧਾਰਾ 144 ਲਾਗੂ
ਨਵਾਂਸ਼ਹਿਰ, 26 ਅਕਤੂਬਰ (ਨਿਊਜ਼ ਪੰਜਾਬ)-ਜ਼ਿਲਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ, ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਦੰਡ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਮੈਟਿ੍ਰਕ ਅਤੇ ਬਾਰਵੀਂ ਸ਼੍ਰੇਣੀ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਦੌਰਾਨ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਵਾਸਤੇ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖ਼ਲ ਹੋਣ ਤੋਂ ਰੋਕਣ ਦੇ ਹੁਕਮ ਜਾਰੀ ਕੀਤੇ ਹਨ। ਇਨਾਂ ਪ੍ਰੀਖਿਆ ਕੇਂਦਰਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐਸ. ਬੀ. ਐਸ. ਨਗਰ, ਜੇ. ਐਸ. ਐਫ. ਐਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ, ਬਾਬਾ ਗੋਲਾ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬੰਗਾ, ਚਰਨ ਕੰਵਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਐਸ. ਬੀ. ਐਸ ਨਗਰ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਅਤੇ ਬੀ. ਏ. ਵੀ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਸ਼ਾਮਿਲ ਹਨ। ਇਹ ਹੁਕਮ ਸਬੰਧਤ ਪ੍ਰੀਖਿਆ ਕੇਂਦਰਾਂ ’ਤੇ ਪ੍ਰੀਖਿਆ ਸ਼ੁਰੂ ਹੋਣ ਤੋਂ ਇਕ ਘੰਟਾ ਪਹਿਲਾਂ ਅਤੇ ਪ੍ਰੀਖਿਆ ਖ਼ਤਮ ਹੋਣ ਤੋਂ ਇਕ ਘੰਟਾ ਬਾਅਦ ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਿਵੇਂ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਟਿ੍ਰਕ/ਬਾਰਵੀਂ ਸ਼੍ਰੇਣੀ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਮਿਤੀ 26 ਅਕਤੂਬਰ 2020 ਤੋਂ ਮਿਤੀ 17 ਨਵੰਬਰ 2020 ਤੱਕ ਇਸ ਜ਼ਿਲੇ ਵਿਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2.15 ਵਜੇ ਤੱਕ ਕਰਵਾਈਆਂ ਜਾ ਰਹੀਆਂ ਹਨ। ਇਨਾਂ ਪ੍ਰੀਖਿਆਵਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਸੀ. ਆਰ. ਪੀ. ਸੀ ਤਹਿਤ ਪਾਬੰਦੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ, ਤਾਂ ਜੋ ਪ੍ਰੀਖਿਆ ਦੌਰਾਨ ਵਿਘਨ ਪਾਉਣ ਵਾਲੇ ਸ਼ਰਾਰਤੀ ਅਨਸਰ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਇਕੱਠੇ ਨਾ ਹੋਣ।