ਪੰਜਾਬੀ ਯੂਨੀਵਰਸਿਟੀ ਵਿਖੇ ਪੈਨਸ਼ਨਰਾਂ, ਅਧਿਆਪਕਾਂ ਅਤੇ ਕਰਮਚਾਰੀਆਂ ਵਲੋਂ ਵਿਸ਼ਾਲ ਰੋਸ ਮਾਰਚ
ਪਟਿਆਲਾ, 27 ਅਕਤੂਬਰ (ਨਿਊਜ਼ ਪੰਜਾਬ)- ਵਿੱਤੀ ਸੰਕਟ ‘ਚੋਂ ਗੁਜ਼ਰ ਰਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਖ਼ੁਦਮੁਖ਼ਤਿਆਰੀ ਬਹਾਲ ਕਰਨ ਅਤੇ ਵਿੱਤੀ ਸੰਕਟ ਖ਼ਤਮ ਕਰਨ ਲਈ ਪੰਜਾਬ ਸਰਕਾਰ ਤੋਂ ਗਰਾਂਟ ਪ੍ਰਾਪਤ ਕਰਨ ਲਈ ਅੱਜ ਜੁਆਇੰਟ ਐਕਸ਼ਨ ਕਮੇਟੀ ਵਲੋਂ ਸੂਬਾ ਸਰਕਾਰ ਦੇ ਖ਼ਿਲਾਫ਼ ਯੂਨੀਵਰਸਿਟੀ ਕੈਂਪਸ ਵਿਖੇ ਇਕ ਵਿਸ਼ਾਲ ਮਾਰਚ ਕੱਢਿਆ ਗਿਆ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਪੈਨਸ਼ਨਰਜ਼, ਕਰਮਚਾਰੀ ਅਤੇ ਅਧਿਆਪਕ ਤਨਖ਼ਾਹ ਨਾ ਮਿਲਣ ਕਾਰਨ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਅੱਜ ਜੁਆਇੰਟ ਐਕਸ਼ਨ ਕਮੇਟੀ ਨੇ ਪੰਜਾਬੀ ਯੂਨੀਵਰਸਿਟੀ ਦੀ ਖ਼ੁਦਮੁਖ਼ਤਿਆਰੀ ਨੂੰ ਬਹਾਲ ਕਰਨ ਅਤੇ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਤੋਂ ਕੱਢਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਗਰਾਂਟ ਪ੍ਰਾਪਤ ਕਰਨ ਲਈ ਇਹ ਰੋਸ ਮਾਰਚ ਕਢਿਆ। ਜੁਆਇੰਟ ਐਕਸ਼ਨ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਇਹ ਵਾਜਬ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ‘ਚ ਉਹ ਪੰਜਾਬੀ ਯੂਨੀਵਰਸਿਟੀ ਦਾ ਸਾਰਾ ਕੰਮਕਾਜ ਠੱਪ ਕਰਕੇ ਗੇਟ ਬੰਦ ਕਰਨਗੇ।