ਕੋਰੋਨਾ ਮਹਾਂਮਾਰੀ ਦੌਰਾਨ ਆਰਥਿਕ ਮੰਦੀ ਦੇ ਸ਼ਿਕਾਰ ਟਰੱਕ ਓਪਰੇਟਰ ਨੇ ਕੀਤੀ ਖ਼ੁਦਕੁਸ਼ੀ
ਫ਼ਾਜ਼ਿਲਕਾ, 27 ਅਕਤੂਬਰ (ਨਿਊਜ਼ ਪੰਜਾਬ)- ਕੋਰੋਨਾ ਮਹਾਂਮਾਰੀ ਦੌਰਾਨ ਆਰਥਿਕ ਮੰਦੀ ਦਾ ਸ਼ਿਕਾਰ ਹੋਏ ਇਕ ਟਰੱਕ ਓਪਰੇਟਰ ਵਲੋਂ ਜ਼ਹਿਰੀਲੀ ਵਸਤੂ ਦਾ ਸੇਵਨ ਕਰਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ । ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਫ਼ਾਜ਼ਿਲਕਾ ਦੇ ਗਾਂਧੀ ਨਗਰ ਮੁਹੱਲੇ ਦੇ ਵਾਸੀ ਸਤਿੰਦਰ ਕੁਮਾਰ (55) ਪੁੱਤਰ ਮੋਹਨ ਲਾਲ ਇਕ ਗੱਡੀ ਦਾ ਮਾਲਕ ਸੀ ਅਤੇ ਖ਼ੁਦ ਹੀ ਗੱਡੀ ਦੀ ਡਰਾਈਵਰੀ ਕਰਦਾ ਸੀ। ਕੋਰੋਨਾ ਮਹਾਂਮਾਰੀ ਦੌਰਾਨ ਲੱਗੇ ਕਰਫ਼ਿਊ ਅਤੇ ਤਾਲਾਬੰਦੀ ਕਾਰਨ ਉਸ ਦੀ ਗੱਡੀ ਨੂੰ ਕੰਮ ਨਹੀਂ ਮਿਲ ਸਕਿਆ, ਜਿਸ ਕਾਰਨ ਉਸ ਦੇ ਘਰ ਦੇ ਹਾਲਾਤ ਦਿਨ-ਬ-ਦਿਨ ਬਦਤਰ ਹੁੰਦੇ ਗਏ। ਇਸ ਦੇ ਚੱਲਦਿਆਂ ਉਹ ਮਾਨਸਿਕ ਪਰੇਸ਼ਾਨੀ ਦਾ ਸ਼ਿਕਾਰ ਹੋ ਗਿਆ ਅਤੇ ਉਸ ਨੇ ਕਿਸੇ ਜ਼ਹਿਰੀਲੀ ਵਸਤੂ ਦਾ ਸੇਵਨ ਕਰ ਲਿਆ। ਇਸ ਤੋਂ ਬਾਅਦ ਉਸ ਨੂੰ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਦੇਖਦਿਆਂ ਉਸ ਨੂੰ ਫ਼ਰੀਦਕੋਟ ਲਈ ਰੈਫ਼ਰ ਕਰ ਦਿੱਤਾ ਗਿਆ ਪਰ ਰਸਤੇ ‘ਚ ਉਸ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਕਿ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ‘ਤੇ ਧਾਰਾ 174 ਦੀ ਕਾਰਵਾਈ ਅਮਲ ‘ਚ ਲਿਆ ਲਾਸ਼ ਦਾ ਪੋਸਟ ਮਾਰਟਮ ਕਰਵਾਇਆ।