ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗ ਦੌਰਾਨ ਵਿਭਾਗਾਂ ਦੇ ਪ੍ਰਗਤੀ ਕੰਮਾਂ ਦਾ ਲਿਆ ਜਾਇਜ਼ਾ
ਲੁਧਿਆਣਾ, 27 ਅਕਤੂਬਰ (ਨਿਊਜ਼ ਪੰਜਾਬ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਬੀਤੇ ਮਹੀਨੇ ਦੌਰਾਨ ਕੀਤੇ ਗਏ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਹਦਾਇਤ ਕੀਤੀ ਗਈ ਕੋਰੋਨਾ ਮਹਾਂਮਾਰੀ ਢਲਾਣ ਵੱਲ ਜਾ ਰਹੀ ਹੈ, ਮਹਾਂਮਾਰੀ ਤੋਂ ਪ੍ਰਭਾਵਿਤ ਹੋਏ ਕਾਰਜਾਂ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਕਮਰ ਕੱਸ ਲਓ। ਉਨ੍ਹਾਂ ਇਹ ਵੀ ਕਿਹਾ ਹੁਣ ਸਹੀ ਸਮਾਂ ਹੈ, ਜਿਸਦੀ ਸੁਚੱਜੀ ਵਰਤੋਂ ਕਰਕੇ ਰਹਿੰਦੇ ਕੰਮਾਂ ਨੂੰ ਨਿਪਟਾਇਆ ਜਾ ਸਕਦਾ ਹੈ। ਸ੍ਰੀ ਸ਼ਰਮਾਂ ਨੇ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਨਾਲ ਰਾਬਤਾ ਕਰਕੇ ਸਥਾਨਕ ਸਿਵਲ ਹਸਪਤਾਲ ਵਿਖੇ ਉਸਾਰੀ ਅਧੀਨ ‘ਸਖੀ ਵਨ ਸਟਾਪ ਸੈਂਟਰ’ ਨੂੰ ਜਲਦ ਤੋਂ ਜਲਦ ਮੁੰਕਮਲ ਕੀਤਾ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀਆਂ ਪੀੜ੍ਹਤ ਔਰਤਾਂ ਨੂੰ ਓਟ-ਆਸਰਾ ਮਿਲ ਸਕੇ। ਉਨ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਹਦਾਇਤ ਕਰਦਿਆਂ ਕਿ ਸ਼ਹਿਰ ਦੀਆਂ ਵੱਖ-ਵੱਖ ਟ੍ਰੈਫਿਕ ਲਾਈਟਾਂ ‘ਤੇ ਛੋਟੇ-ਛੋਟੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਸਰਗਰਮ ਗਿਰੋਹਾਂ ‘ਤੇ ਨਕੇਲ ਕੱਸਦਿਆਂ, ਇਨ੍ਹਾਂ ਬੱਚਿਆਂ ਨੂੰ ਨਰਕ-ਭਰੀ ਜਿੰਦਗੀ ਵਿਚੋਂ ਬਾਹਰ ਕੱਢ ਕੇ ਪੂਨਰਵਾਸ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਅੰਗਹੀਣ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਏ ਜਾਣ। ਉਨ੍ਹਾਂ ਸਿਵਲ ਸਰਜਨ ਨੂੰ ਵੀ ਹਦਾਇਤ ਕੀਤੀ ਕਿ ਬਿਨੈਕਾਰਾਂ ਵੱਲੋਂ ਯੂ.ਡੀ.ਆਈ.ਡੀ. ਲਈ ਅਪਲਾਈ ਕੀਤੀਆਂ ਅਰਜ਼ੀਆਂ ਨੂੰ ਪਹਿਲ ਦੇ ਆਧਾਰ ‘ਤੇ ਵੈਰੀਫਾਈ ਕੀਤੀਆਂ ਜਾਣ, ਤਾਂ ਜੋ ਲਾਭਪਾਤਰੀਆਂ ਨੂੰ ਸ਼ਨਾਖਤੀ ਕਾਰਡ ਮੁਹੱਈਆ ਕਰਵਾਏ ਜਾ ਸਕਣ। ਡਿਪਟੀ ਕਮਿਸ਼ਨਰ ਨੇ ਹੋਰ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਜਾਂਦੇ ਕਾਰਜ਼ਾਂ ਵਿੱਚ ਢਿੱਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੰਬਿਤ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ ਅਤੇ ਰਿਪੋਰਟ ਰੋਜ਼ਾਨਾ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਭੇਜੀ ਜਾਵੇ।