ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਵਿਰਾਸਤੀ ਮਾਰਗ ‘ਤੇ ਸੰਕੇਤਕ ਰੋਸ ਧਰਨਾ ਸ਼ੁਰੂ
ਅੰਮ੍ਰਿਤਸਰ, 28 ਅਕਤੂਬਰ (ਨਿਊਜ਼ ਪੰਜਾਬ)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 328 ਪਾਵਨ ਸਰੂਪਾਂ ਦੇ ਸਬੰਧ ‘ਚ ਸ਼ਾਂਤਮਈ ਰੋਸ ਧਰਨੇ ‘ਤੇ ਬੈਠੇ ਸਤਿਕਾਰ ਕਮੇਟੀ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਅਤੇ ਸਿੰਘਾਂ ਉੱਪਰ ਬੀਤੀ 24 ਅਕਤੂਬਰ ਨੂੰ ਇਕ ਪਾਸੜ ਅੰਨ੍ਹੇਵਾਹ ਡਾਂਗਾਂ ਅਤੇ ਤਲਵਾਰਾਂ ਨਾਲ ਹਿੰਸਕ ਹਮਲਾ ਕਰਨ ਵਿਰੁੱਧ ਰੋਸ ਪ੍ਰਗਟ ਕਰਨ ਲਈ ਅੱਜ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਦੋ ਘੰਟਿਆਂ ਲਈ ਸੰਕੇਤਕ ਰੋਸ ਧਰਨਾ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਧਾਰਮਿਕ ਵਿੰਗ ਦੇ ਬੁਲਾਰੇ ਭਾਈ ਮੋਹਕਮ ਸਿੰਘ ਨੇ ਕਿਹਾ ਕਿ ਇਸ ਮਸਲੇ ‘ਤੇ ਸਮੁੱਚਾ ਖ਼ਾਲਸਾ ਪੰਥ ਖ਼ਾਮੋਸ਼ ਨਹੀ ਬੈਠ ਸਕਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਦੋਸ਼ੀ ਅਧਿਕਾਰੀਆਂ ਵਿਰੁੱਧ ਮੁਕੱਦਮੇ ਦਰਜ ਕਰਾਉਣ ਲਈ ਮਾਰਿਆ ਗਿਆ ਇਹ ਰੋਸ ਧਰਨਾ ਬਿਲਕੁਲ ਸ਼ਾਂਤਮਈ ਹੋਵੇਗਾ। ਇਸ ਮੌਕੇ ਭਾਈ ਮੋਹਕਮ ਸਿੰਘ, ਡਾ. ਮਨਜੀਤ ਸਿੰਘ ਭੋਮਾ, ਵੱਸਣ ਸਿੰਘ ਜ਼ਫਰਵਾਲ, ਸਤਨਾਮ ਸਿੰਘ ਮਨਾਵਾਂ, ਭਾਈ ਹਵਾਰਾ ਕਮੇਟੀ ਵਲੋਂ ਪ੍ਰੋਫੈਸਰ ਬਲਜਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਮਾਨ ਵਲੋਂ ਹਰਬੀਰ ਸਿੰਘ ਸੰਧੂ ਅਤੇ ਬਲਵਿੰਦਰ ਸਿੰਘ ਕਾਲਾ ਸਮੇਤ ਹੋਰ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਹਨ।