ਸੰਗਰੂਰ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦਾ ਧਰਨਾ 29ਵੇਂ ਦਿਨ ਵੀ ਜਾਰੀ
ਸੰਗਰੂਰ, 29 ਅਕਤੂਬਰ (ਨਿਊਜ਼ ਪੰਜਾਬ)- ਅੱਜ ਰੇਲ ਰੋਕੋ ਅੰਦੋਲਨ ਦੇ 29ਵੇਂ ਦਿਨ ਰੇਲਵੇ ਸਟੇਸ਼ਨ ਸੰਗਰੂਰ ‘ਤੇ ਚੱਲ ਰਹੇ ਮੋਰਚੇ ‘ਚ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਲੰਘੇ ਦਿਨ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨੂੰ ਹੱਲ ਕਰਨ ਲਈ ਬਣਾਏ ਗਏ ਕਮਿਸ਼ਨ ਅਤੇ ਪਰਾਲੀ ਫੂਕਣ ਵਾਲੇ ਕਿਸਾਨਾਂ ਨੂੰ 1 ਕਰੋੜ ਰੁਪਏ ਜੁਰਮਾਨਾ ਅਤੇ 5 ਸਾਲ ਦੀ ਸਜ਼ਾ ਦੇ ਫ਼ੈਸਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਬਾਂਹ ਮਰੋੜ ਕੇ ਕਿਸਾਨ ਸੰਘਰਸ਼ ਨੂੰ ਦਬਾ ਨਹੀਂ ਸਕਦੀ, ਸਗੋਂ ਇਹ ਸੰਘਰਸ਼ ਹੋਰ ਤੇਜ਼ ਹੋਵੇਗਾ। ਅੱਜ ਦੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਰਾਜੇਵਾਲ ਦੇ ਸੂਬਾ ਸਕੱਤਰ ਨਰੰਜਣ ਸਿੰਘ ਦੋਹਲਾ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ, ਬੀਕੇਯੂ ਡਕੌਂਦਾ ਦੇ ਆਗੂ ਸੰਤਰਾਮ ਛਾਜਲੀ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਭਜਨ ਸਿੰਘ ਢੱਡਰੀਆਂ, ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਕਿਸਾਨ ਆਗੂ ਜਰਨੈਲ ਸਿੰਘ ਜਹਾਂਗੀਰ, ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਨਿਰਮਲ ਸਿੰਘ ਬਟਰਿਆਣਾ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਮੰਗਤ ਰਾਮ ਲੌਂਗੋਵਾਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਮੀਤ ਸਕੱਤਰ ਜਰਨੈਲ ਸਿੰਘ ਜਨਾਲ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਜਿੱਥੇ ਕਿਸਾਨ ਨੂੰ ਡੋਬਿਆ ਹੈ, ਉੱਥੇ ਸਮੁੱਚਾ ਵਪਾਰੀ ਵਰਗ ਵੀ ਇਸ ਤੋਂ ਦੁਖੀ ਹੈ।