ਸੁਨਾਮ ‘ਚ ਕਿਸਾਨ ਸੰਘਰਸ਼ ਦੀ ਗੂੰਜ 29ਵੇਂ ਦਿਨ ਵੀ ਦਿੱਤੀ ਸੁਣਾਈ
ਸੁਨਾਮ ਊਧਮ ਸਿੰਘ ਵਾਲਾ, 29 ਅਕਤੂਬਰ (ਨਿਊਜ਼ ਪੰਜਾਬ)- ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵਿੱਢੇ ਗਏ ਕਿਸਾਨ ਸੰਘਰਸ਼ ਦੀ ਗੂੰਜ ਸੁਨਾਮ ‘ਚ 29ਵੇਂ ਦਿਨ ਵੀ ਸੁਣਾਈ ਦਿੱਤੀ।ਜਥੇਬੰਦੀ ਵਲੋਂ ਚੋਣਵੇਂ ਭਾਜਪਾ ਆਗੂਆਂ ਦੇ ਕਾਰੋਬਾਰੀ ਟਿਕਾਣਿਆਂ ਨੂੰ ਘੇਰਨ ਦੀ ਮੁਹਿੰਮ ਤਹਿਤ ਅੱਜ ਸੈਂਕੜਿਆਂ ਦੀ ਗਿਣਤੀ ‘ਚ ਕਿਸਾਨਾਂ ਵਲੋਂ ਸੁਨਾਮ ਸ਼ਹਿਰ ‘ਚ ਭਾਜਪਾ ਦੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਦੇ ਘਰ, ਜ਼ਿਲ੍ਹਾ ਪ੍ਰਧਾਨ ਦੀ ਗੈਸ ਏਜੰਸੀ ਦੇ ਦਫ਼ਤਰ, ਰਿਲਾਇੰਸ ਅਤੇ ਐਸ. ਆਰ. ਪੈਟਰੋਲ ਪੰਪ ਅੱਗੇ ਪੱਕੇ ਮੋਰਚੇ ਤੋਂ ਇਲਾਵਾ ਕਾਰਪੋਰੇਟ ਘਰਾਣਿਆਂ ਦੇ ਅਗਰਸੈਨ ਚੌਂਕ ਨੇੜਲੇ ਇਕ ਮਾਲ ਅੱਗੇ ਵੀ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਗਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ,ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ,ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਅਤੇ ਭਖਦੇ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਖੇਤੀ ਕਾਨੂੰਨ ਲਿਆਂਦੇ ਗਏ ਹਨ, ਜੋ ਕਿ ਕਿਸਾਨਾਂ ਲਈ ਤਬਾਹਕੁਨ ਹਨ।ਕਿਸਾਨ ਆਗੂਆਂ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਅਜੇ ਟੱਸ ਤੋਂ ਮੱਸ ਨਹੀ ਹੋ ਰਹੀ ਪਰ ਇਸ ਮਸਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੀ ਇਕਮੱਤ ਹਨ ਅਤੇ ਸਰਕਾਰ ਦੀ ਹੈਂਕੜ ਭੰਨ ਕੇ ਹੀ ਦਮ ਲੈਣਗੀਆਂ।ਇਸ ਮੌਕੇ ਰਾਮਸ਼ਰਨ ਸਿੰਘ ਉਗਰਾਹਾਂ, ਪਾਲ ਸਿੰਘ ਦੌਲਾ ਸਿੰਘ ਵਾਲਾ, ਗੋਬਿੰਦ ਸਿੰਘ ਚੱਠੇ ਨਨਹੇੜ੍ਹਾ, ਅਜੈਬ ਸਿੰਘ ਜਖੇਪਲ, ਮਹਿੰਦਰ ਸਿੰਘ ਨਮੋਲ, ਗੁਰਮੇਲ ਸਿੰਘ ਸ਼ਾਹਪੁਰ ਕਲ੍ਹਾਂ ਅਤੇ ਹੈਪੀ ਨਮੋਲ ਆਦਿ ਮੌਜੂਦ ਸਨ।