ਡੇਂਗੂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ- ਵਧੀਕ ਡਿਪਟੀ ਕਮਿਸ਼ਨਰ
ਪਟਿਆਲਾ, 29 ਅਕਤੂਬਰ (ਨਿਊਜ਼ ਪੰਜਾਬ)-ਜ਼ਿਲ੍ਹੇ ਵਿਚ ਡੇਂਗੂ ਕੇਸਾਂ ਦੀ ਸਥਿਤੀ ਬਾਰੇ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਲਈ ਗਈ, ਜਿਸ ਵਿੱਚ ਜ਼ਿਲ੍ਹੇ ਦੇ ਐਸ.ਡੀ.ਐਮਜ਼ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਡੇਂਗੂ ‘ਤੇ ਕਾਬੂ ਪਾਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆ ਕਿਹਾ ਕਿ ਪਿੰਡਾਂ ‘ਚ ਸਰਪੰਚਾਂ ਦੀ ਮਦਦ ਨਾਲ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤਾਂ ਜੋ ਡੇਂਗੂ ‘ਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ 15 ਦਿਨ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ ਅਤੇ ਡੇਂਗੂ ਫੈਲਣ ਵਾਲੇ ਸੰਭਾਵਤ ਖੇਤਰਾਂ ‘ਚ ਫੌਗਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦੇ ਖਾਤਮੇ ਲਈ ਸਾਰੇ ਵਿਭਾਗਾਂ ਨੂੰ ਮਿਲਕੇ ਕੰਮ ਕਰਨ ਦੀ ਜ਼ਰੂਰਤ ਹੈ। ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਭਾਵੇਂ ਪਿਛਲੇ ਸਾਲਾਂ ਦੇ ਮੁਕਾਬਲੇ ਡੇਂਗੂ ਦੇ ਕੇਸਾਂ ‘ਚ ਕਮੀ ਆਈ ਹੈ ਪਰ ਹੋਰ ਸੁਚੇਤ ਹੋਕੇ ਇਸ ਦਾ ਖਾਤਮਾ ਕੀਤਾ ਜਾ ਸਕਦਾ ਹੈ। ਉਨ੍ਹਾਂ ਸਿੱਖਿਆ ਵਿਭਾਗ ਨੂੰ ਵੀ ਡੇਂਗੂ ਖਿਲਾਫ਼ ਜਾਗਰੂਕਤਾ ਮੁਹਿੰਮ ‘ਚ ਹਿੱਸਾ ਪਾਉਣ ਦੀ ਹਦਾਇਤ ਕੀਤੀ ਅਤੇ ਹਰੇਕ ਸ਼ੁੱਕਰਵਾਰ ਘਰਾਂ ਦੀ ਚੈਕਿੰਗ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆ ਉਨ੍ਹਾਂ ਕਿਹਾ ਕਿ ਫਰਾਈ ਡੇਅ-ਡਰਾਈ ਡੇਅ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਸਬ ਡਵੀਜਨ ਪੱਧਰ ‘ਤੇ ਡੇਂਗੂ ਦੇ ਖਾਤਮੇ ਲਈ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਕੀਤੀ ਅਤੇ ਜਿਹੜੇ ਸ਼ਹਿਰੀ ਖੇਤਰਾਂ ‘ਚ ਡੇਂਗੂ ਦੇ ਕੇਸਾਂ ਦਾ ਖਦਸ਼ਾ ਹੈ ਉਨ੍ਹਾਂ ਵੱਲੋਂ ਵਿਸ਼ੇਸ਼ ਧਿਆਨ ਦੇਣ ਦੀ ਗੱਲ ਆਖੀ। ਉਨ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 5,10,575 ਘਰਾਂ ਦੀ ਜਾਂਚ ਕੀਤੀ ਗਈ ਹੈ ਅਤੇ 2903 ਘਰਾਂ ‘ਚੋਂ ਡੇਂਗੂ ਦਾ ਲਾਰਵਾ ਖਤਮ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ‘ਚ ਡੇਂਗੂ ਦੇ 173 ਕੇਸ ਹੁਣ ਤੱਕ ਸਾਹਮਣੇ ਆ ਚੁੱਕੇ ਹਨ, ਜੋ ਜ਼ਿਆਦਾਤਰ ਪਟਿਆਲਾ ਸ਼ਹਿਰ ਅਤੇ ਰਾਜਪੁਰਾ ਖੇਤਰ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਰਜਿੰਦਰਾ ਹਸਪਤਾਲ, ਮਾਤਾ ਕੌਸ਼ਲਿਆ ਹਸਪਤਾਲ ਅਤੇ ਸਬ ਡਵੀਜਨ ਨਾਭਾ ਦੇ ਹਸਪਤਾਲ ‘ਚ ਡੇਂਗੂ ਵਾਰਡ ਬਣਾਏ ਗਏ ਹਨ ਅਤੇ ਇਸ ਸਬੰਧੀ ਹਸਪਤਾਲਾਂ ‘ਚ ਦਵਾਈ ਵੀ ਮੁਫ਼ਤ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਟੈਸਟ ਸਰਕਾਰੀ ਰਜਿੰਦਰਾ ਹਸਪਤਾਲ, ਮਾਤਾ ਕੌਸ਼ਲਿਆ ਹਸਪਤਾਲ ਅਤੇ ਸਬ ਡਵੀਜਨ ਨਾਭਾ ਦੇ ਸਰਕਾਰੀ ਹਸਪਤਾਲ ਵਿਖੇ ਮੁਫ਼ਤ ਕੀਤਾ ਜਾਂਦਾ ਹੈ ਅਤੇ ਪ੍ਰਾਈਵੇਟ ਲੈਬ ‘ਚ ਵੀ ਟੈਸਟ ਦੀ ਕੀਮਤ ਸਰਕਾਰ ਨੇ 600 ਰੁਪਏ ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਮੀਟਿੰਗ ‘ਚ ਐਸ.ਡੀ.ਐਮ. ਪਟਿਆਲਾ ਸ. ਚਰਨਜੀਤ ਸਿੰਘ, ਐਸ.ਡੀ.ਐਮ. ਰਾਜਪੁਰਾ ਸ. ਖੁਸ਼ਦਿਲ ਸਿੰਘ, ਡਾ. ਇਸਮਤ ਵਿਜੈ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਹਰਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।