ਲੁਧਿਆਣਾ ਦੇ ਦਿਹਾਤੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ 18.11 ਕਰੋੜ ਰੁਪਏ ਦੀ ਰਾਸ਼ੀ ਜਾਰੀ

ਹਲਕਾ ਗਿੱਲ, ਦਾਖਾ ਅਤੇ ਜਗਰਾਉਂ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਏੇ ਜਾਣਗੇ ਵਿਕਾਸ ਕਾਰਜ – ਐਮ.ਪੀ. ਰਵਨੀਤ ਸਿੰਘ ਬਿੱਟੂ
ਲੁਧਿਆਣਾ, 29 ਅਕਤੂਬਰ (ਨਿਊਜ਼ ਪੰਜਾਬ)- ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਜ਼ਿਲ੍ਹਾ ਲੁਧਿਆਣਾ ਦੇ ਦਿਹਾਤੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ 18.11 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਲਕਾ ਗਿੱਲ, ਦਾਖਾ ਅਤੇ ਜਗਰਾਉਂ ਦੇ ਵੱਖ-ਵੱਖ ਪਿੰਡਾਂ ਵਿੱਚ ਕਈ ਵਿਕਾਸ ਕਾਰਜ ਕਰਵਾਏ ਜਾਣਗੇ। ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਫੰਡ 15ਵੇਂ ਵਿੱਤ ਕਮਿਸ਼ਨ ਰਾਹੀਂ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗਿੱਲ ਹਲਕੇ ਲਈ 7,56,11,943 ਰੁਪਏ, ਦਾਖਾ ਹਲਕੇ ਲਈ 4,63,11,891 ਰੁਪਏ ਅਤੇ ਜਗਰਾਉਂ ਹਲਕੇ ਲਈ 5,92,72,940 ਰੁਪਏ ਫੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਦੇ ਚੈਕ ਤਿਆਰ ਕਰ ਲਏ ਗਏ ਹਨ ਅਤੇ ਜਲਦ ਹੀ ਉਹ ਪੰਚਾਇਤਾਂ ਨੂੰ ਸੌਂਪ ਦੇਣਗੇ ਤਾਂ ਜੋ ਵਿਕਾਸ ਕਾਰਜ ਸ਼ੁਰੂ ਹੋ ਸਕਣ। ਸੰਸਦ ਮੈਂਬਰ ਬਿੱਟੂ ਨੇ ਭਰੋਸਾ ਦਿੱਤਾ ਕਿ ਜਦੋਂ ਲੁਧਿਆਣਾ ਸੰਸਦੀ ਹਲਕੇ ਅਧੀਨ ਪੈਂਦੇ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਦੀ ਗੱਲ ਆਉਂਦੀ ਹੈ ਤਾਂ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਚਾਇਤਾਂ ਨੂੰ ਅਜਿਹੇ ਹੋਰ ਫੰਡ ਵੀ ਅਲਾਟ ਕੀਤੇ ਜਾਣਗੇ।