ਆਰ. ਐਸ. ਐਸ. ਅਤੇ ਭਾਜਪਾ ਦੀ ਭਲਕੇ ਹੋਣ ਵਾਲੀ ਬੈਠਕ ਦਾ ਕਿਸਾਨ ਜਥੇਬੰਦੀਆਂ ਕਰਨਗੀਆਂ ਵਿਰੋਧ
ਸੰਗਰੂਰ, 30 ਅਕਤੂਬਰ (ਨਿਊਜ਼ ਪੰਜਾਬ)- ਰੇਲਵੇ ਸਟੇਸ਼ਨ ਸੰਗਰੂਰ ‘ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਮੋਰਚੇ ‘ਚ ਅੱਜ ਜਦੋਂ ਆਗੂਆਂ ਨੂੰ ਪਤਾ ਲੱਗਿਆ ਕਿ ਭਲਕੇ ਭਾਜਪਾ ਅਤੇ ਆਰ. ਐਸ. ਐਸ. ਦੀ ਸੰਗਰੂਰ ਵਿਖੇ ਬੈਠਕ ਹੋ ਰਹੀ ਹੈ ਤਾਂ ਕਿਸਾਨਾਂ ‘ਚ ਰੋਸ ਵੱਧ ਗਿਆ ਅਤੇ ਆਰ. ਐਸ. ਐਸ. ਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਸਟੇਜ ਤੋਂ ਐਲਾਨ ਕੀਤਾ ਗਿਆ ਕਿ ਕੱਲ੍ਹ ਨੂੰ ਵੱਡੀ ਗਿਣਤੀ ‘ਚ ਇਕੱਠੇ ਹੋ ਕੇ ਇਸ ਬੈਠਕ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਅੱਜ ਦੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਬਲਵੀਰ ਸਿੰਘ ਜਲੂਰ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਕਿਰਨਜੀਤ ਸਿੰਘ ਸੇਖੋਂ, ਬੀਕੇਯੂ ਰਾਜੇਵਾਲ ਦੇ ਸੂਬਾ ਸਕੱਤਰ ਨਰੰਜਣ ਸਿੰਘ ਦੋਹਲਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਨਛੱਤਰ ਸਿੰਘ ਗੰਢੂਆਂ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਆਗੂ ਸਰਬਜੀਤ ਸਿੰਘ, ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਜ਼ਿਲ੍ਹਾ ਆਗੂ ਨਰੰਜਣ ਸਿੰਘ ਚੁਨਾਗਰਾ ਅਤੇ ਕਿਸਾਨ ਆਗੂ ਜਰਨੈਲ ਸਿੰਘ ਜਹਾਂਗੀਰ ਨੇ ਦੱਸਿਆ ਕਿ ਪ੍ਰਦੂਸ਼ਣ ਸਬੰਧੀ ਆਰਡੀਨੈਂਸ ਜਾਰੀ ਕਰਕੇ ਮੋਦੀ ਸਰਕਾਰ ਨੇ ਬਲਦੀ ‘ਤੇ ਤੇਲ ਪਾਉਣ ਦਾ ਕੰਮ ਕੀਤਾ ਹੈ। ਵੱਡੀ ਪੱਧਰ ‘ਤੇ ਪਰਾਲੀ ਦੀ ਸਮੱਸਿਆ ਨਾਲ ਜੂਝ ਰਹੇ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਮੋਦੀ ਸਰਕਾਰ ਨੇ ਪਰਾਲੀ ਫੂਕਣ ਵਾਲੇ ਕਿਸਾਨਾਂ ਨੂੰ ਭਾਰੀ ਜੁਰਮਾਨੇ ਅਤੇ ਸਜ਼ਾ ਦੇਣ ਦਾ ਕਾਨੂੰਨ ਬਣਾ ਕੇ ਪੰਜਾਬ, ਹਰਿਆਣਾ ਰਾਜਸਥਾਨ, ਯੂ. ਪੀ. ਅਤੇ ਦਿੱਲੀ ਦੇ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਦੀ ਚਾਲ ਚੱਲੀ ਹੈ, ਪਰ ਕਿਸਾਨ ਕਿਸੇ ਹੀਲੇ ਵੀ ਦੱਬਣ ਵਾਲੇ ਨਹੀਂ, ਖੇਤੀ ਵਿਰੋਧੀ ਕਾਲੇ ਕਾਨੂੰਨ ਵਾਪਸ ਕਰਵਾਉਣ ਤੱਕ ਇਹ ਸੰਘਰਸ਼ ਇਸ ਤੋਂ ਵੀ ਤਿੱਖੇ ਰੂਪ ਵਿੱਚ ਚੱਲਦਾ ਰਹੇਗਾ।