ਰਾਸ਼ਟਰਪਤੀ ਨੂੰ ਮਿਲਣ ਲਈ ਪੰਜਾਬ ਸਰਕਾਰ ਦੇ ਵਫ਼ਦ ‘ਚ ਸ਼ਾਮਿਲ ਨਹੀਂ ਹੋਵੇਗੀ ਆਮ ਆਦਮੀ ਪਾਰਟੀ-ਚੀਮਾ

ਚੰਡੀਗੜ੍ਹ, 31 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਮੂਹ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨੂੰ ਕੇਂਦਰ ਸਰਕਾਰ ਦੇ ਘਾਤਕ ਖੇਤੀ ਕਾਨੂੰਨਾਂ ਨੂੰ ਅਸਰਹੀਣ ਬਣਾਉਣ ਲਈ ਸੂਬੇ ਦੀ ਵਿਧਾਨ ਸਭਾ ਵਲੋਂ ਪਾਸ ਕੀਤੇ ਖੇਤੀ ਸੋਧ ਕਾਨੂੰਨਾਂ ਨੂੰ ਛੇਤੀ ਸਹਿਮਤੀ ਲਈ 4 ਨਵੰਬਰ ਨੂੰ ਰਾਸ਼ਟਰਪਤੀ ਨੂੰ ਮਿਲਣ ਅਤੇ ਯਾਦ ਪੱਤਰ ਦੇਣ ਲਈ ਉਨ੍ਹਾਂ ਨਾਲ ਚੱਲਣ ਦੀ ਅਪੀਲ ਕੀਤੀ ਸੀ। ਇਸ ਸਬੰਧੀ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਨੇਤਾ ਅਤੇ ‘ਆਪ’ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕੀਤੀ ਅਤੇ ਦੱਸਿਆ ਕਿ ਉਹ ਪੰਜਾਬ ਸਰਕਾਰ ਦੇ ਇਸ ਵਫ਼ਦ ‘ਚ ਸ਼ਾਮਿਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ‘ਚ ਪਾਸ ਕੀਤੇ ਗਏ ਖੇਤੀ ਸਬੰਧੀ ਬਿੱਲਾਂ ਨੂੰ ਅਜੇ ਰਾਜਪਾਲ ਵਲੋਂ ਸਹਿਮਤੀ ਨਹੀਂ ਦਿੱਤੀ ਗਈ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕੈਪਟਨ ਵਲੋਂ ਅਜੇ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਖੇਤੀਬਾੜੀ ਮੰਤਰੀ ਨਾਲ ਗੱਲਬਾਤ ਨਹੀਂ ਕੀਤੀ ਗਈ ਹੈ।