ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਮਿਲ ਕੇ ਹੰਭਲਾ ਮਾਰਨ ਦੀ ਲੋੜ-ਅਦਿੱਤਿਆ ਉੱਪਲ

ਨਵਾਂਸ਼ਹਿਰ, 2 ਨਵੰਬਰ (ਨਿਊਜ਼ ਪੰਜਾਬ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੂਬੇ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਹ ਮੁਹਿੰਮ ਤਾਂ ਹੀ ਕਾਮਯਾਬ ਹੋ ਸਕਦੀ ਹੈ ਜੇਕਰ ਸਮਾਜ ਦੇ ਸਾਰੇ ਵਰਗ ਮਿਲ ਕੇ ਹੰਭਲਾ ਮਾਰਨ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਨੇ ਚੌਕਸੀ ਜਾਗਰੂਕਤਾ ਹਫ਼ਤੇ ਤਹਿਤ ਵਿਜੀਲੈਂਸ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ’ਤੇ ਕਰਵਾਏ ਭਿ੍ਰਸ਼ਟਾਚਾਰ ਖਿਲਾਫ਼ ਜ਼ਿਲਾ ਪੱਧਰੀ ਜਾਗਰੂਕਤਾ ਸੈਮੀਨਾਰ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ। ਉਨਾਂ ਕਿਹਾ ਕਿ ਰਿਸ਼ਵਤ ਲੈਣਾ ਅਤੇ ਰਿਸ਼ਵਤ ਦੇਣਾ ਦੋਵੇਂ ਜ਼ੁਰਮ ਹਨ ਇਸ ਦੇ ਖ਼ਾਤਮੇ ਲਈ ਸਾਰੇ ਸਬੰਧਤ ਪੱਖਾਂ ਨੂੰ ਇਕੱਠਿਆਂ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੇ ਕੰਮ ਵਿਚ ਇਮਾਨਦਾਰੀ ਅਤੇ ਪਾਰਦਰਸ਼ਤਾ ਬਣਾਈ ਰੱਖਣ ਅਤੇ ਜਨਤਾ ਦੇ ਕੰਮ ਸਮਾਂਬੱਧ ਢੰਗ ਨਾਲ ਕਰਨੇ ਯਕੀਨੀ ਬਣਾਉਣ। ਉਨਾਂ ਵਿਜੀਲੈਂਸ ਵੱਲੋਂ ਭਿ੍ਰਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੁਹਿੰਮ ਦੀ ਕਾਮਯਾਬੀ ਲਈ ਜਨਤਾ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।  ਡੀ. ਐਸ. ਪੀ ਵਿਜੀਲੈਂਸ ਸੁਖਵਿੰਦਰ ਸਿੰਘ ਨੇ ਇਸ ਮੌਕੇ ਵਿਜੀਲੈਂਸ ਬਿਊਰੋ ਪੰਜਾਬ ਦੇ ਕਾਰਜਾਂ, ਜਿੰਮੇਵਾਰੀਆਂ, ਕਾਨੂੰਨੀ ਪੱਖਾਂ ਅਤੇ ਇਸ ਦੀ ਕਾਰਜਸ਼ੈਲੀ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨਾਂ ਦੱਸਿਆ ਕਿ ਵਿਜੀਲੈਂਸ ਵਿਭਾਗ ਵੱਲੋਂ ‘ਚੌਕਸ ਭਾਰਤ-ਖੁਸ਼ਹਾਲ ਭਾਰਤ’ ਦੇ ਨਾਅਰੇ ਤਹਿਤ 27 ਅਕਤੂਬਰ ਤੋਂ 2 ਨਵੰਬਰ ਤੱਕ ਚੌਕਸੀ ਜਾਗਰੂਕਤਾ ਹਫ਼ਤੇ ਤਹਿਤ ਜ਼ਿਲੇ ਭਰ ਵਿਚ ਲੋਕਾਂ ਨੂੰ ਭਿ੍ਰਸ਼ਟਾਚਾਰ ਖਿਲਾਫ਼ ਜਾਗਰੂਕ ਕਰਨ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ ਹਨ। ਉਨਾਂ ਕਿਹਾ ਕਿ ਜੇਕਰ ਕਿਸੇ ਵੀ ਮਹਿਕਮੇ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਸਰਕਾਰੀ ਕੰਮ ਕਰਨ ਬਦਲ ਕਿਸੇ ਵੀ ਕਿਸਮ ਦੀ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਵਿਭਾਗ ਦੇ ਟੋਲ ਫਰੀ ਨੰਬਰ 1800-1800-1000  ਜਾਂ  0161-2449560 ਅਤੇ 01823-226117 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ www.vigilancebureau.punjab.gov.in ’ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸੇ ਤਰਾਂ ਸ਼ਹਿਰਾਂ ਅਤੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਲਿਆਉਣ ਲਈ ਕਿਸੇ ਕਿਸਮ ਦੀ ਘਪਲੇਬਾਜ਼ੀ ਨੂੰ ਵਿਜੀਲੈਂਸ ਬਿਊਰੋ ਦੇ ਧਿਆਨ ਵਿਚ ਲਿਆਂਦਾ ਜਾ ਸਕਦਾ ਹੈ। ਇਸ ਮੌਕੇ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਿ੍ਰਸ਼ਟਾਚਾਰ ਦੇ ਖ਼ਾਤਮੇ ਲਈ ਪ੍ਰਤੀਬੱਧਤਾ ਨਾਲ ਕੰਮ ਕਰਨ ਦਾ ਪ੍ਰਣ ਵੀ ਲਿਆ। ਇਸ ਮੌਕੇ ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਇੰਸ. ਚਮਕੌਰ ਸਿੰਘ, ਜਸਬੀਰ ਸਿੰਘ ਤੋਂ ਇਲਾਵਾ ਵਿਜੀਲੈਂਸ ਵਿਭਾਗ ਦਾ ਸਮੁੱਚਾ ਸਟਾਫ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।