ਪੀ. ਪੀ. ਐਫ. ਮੁਲਾਜ਼ਮ ਯੂਨੀਅਨ ਵਲੋਂ ਗੁਰੂਹਰਸਹਾਏ ‘ਚ ਰੋਸ ਪ੍ਰਦਰਸ਼ਨ
ਗੁਰੂਹਰਸਹਾਏ, 3 ਨਵੰਬਰ (ਨਿਊਜ਼ ਪੰਜਾਬ)- ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਅਤੇ ਆਪਣੀਆਂ ਹੋਰ ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਪੀ. ਪੀ. ਐਫ. ਮੁਲਾਜ਼ਮ ਯੂਨੀਅਨ ਵਲੋਂ ਐਸ. ਡੀ. ਐਮ. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਮੁਲਾਜ਼ਮਾਂ ਨੇ ਭਾਗ ਲਿਆ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂ ਰਾਜਦੀਪ ਸੋਢੀ ਅਤੇ ਵਿਪਨ ਲੋਟਾ ਨੇ ਕਿਹਾ ਕਿ 1 ਜਨਵਰੀ 2004 ਤੋਂ ਬਾਅਦ ਸਰਕਾਰੀ ਸੇਵਾ ‘ਚ ਭਰਤੀ ਹੋਏ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਬਕਾਇਆ ਡੀ. ਏ. ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ ਅਤੇ 6ਵਾਂ ਪੇ-ਕਮਿਸ਼ਨ ਨੂੰ ਲਾਗੂ ਕੀਤਾ ਜਾਵੇ। ਇਸ ਮੌਕੇ ਸ਼ਿੰਗਾਰ ਚੰਦ, ਬਲਕਾਰ ਚੰਦ ਅਤੇ ਅਜਮੇਰ ਸਿੰਘ ਆਦਿ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰਕਾਮ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 25 ਨਵੰਬਰ ਨੂੰ ਮੁੱਖ ਦਫ਼ਤਰ ਪਟਿਆਲਾ ਵਿਖੇ ਰੋਸ ਧਰਨਾ ਦੇ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।