ਪਟਵਾਰ ਯੂਨੀਅਨ ਤੇ ਅਧਿਆਪਕ ਜਥੇਬੰਦੀਆਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਮੇਤ ਹੋਰ ਹੱਕੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕਰਾਂਗੇ-ਗੁਰਜੰਟ ਸੋਹੀ, ਸੁਖਜਿੰਦਰ ਦੂਜੋਵਾਲ
ਅਜਨਾਲਾ, 3 ਨਵੰਬਰ (ਨਿਊਜ਼ ਪੰਜਾਬ)- ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਸਮੇਤ ਮੁਲਾਜ਼ਮਾਂ ਦੀਆਂ ਹੋਰਨਾਂ ਹੱਕੀ ਅਤੇ ਜਾਇਜ਼ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਅੱਜ ਪਟਵਾਰ ਯੂਨੀਅਨ ਤਹਿਸੀਲ ਅਜਨਾਲਾ ਦੇ ਪ੍ਰਧਾਨ ਪਟਵਾਰੀ ਗੁਰਜੰਟ ਸਿੰਘ ਸੋਹੀ ਦੀ ਅਗਵਾਈ ‘ਚ ਪਟਵਾਰੀਆਂ ਅਤੇ ਅਧਿਆਪਕ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਪਟਵਾਰੀ ਗੁਰਜੰਟ ਸਿੰਘ ਸੋਹੀ, ਡਿਪਟੀ ਕਮਿਸ਼ਨਰ ਕਰਮਚਾਰੀ ਯੂਨੀਅਨ ਦੇ ਤਹਿਸੀਲ ਪ੍ਰਧਾਨ ਪਰਗਟ ਸਿੰਘ ਹੇਰ ਅਤੇ ਅਧਿਆਪਕ ਆਗੂ ਸੁਖਜਿੰਦਰ ਸਿੰਘ ਦੂਜੋਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਕਾਰਨ ਮੁਲਾਜ਼ਮ ਵਰਗ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ 1 ਜਨਵਰੀ 2004 ਤੋਂ ਭਰਤੀ ਹੋਏ ਸਾਰੇ ਸਰਕਾਰੀ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਡੀ. ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ ਅਤੇ ਹੋਰਨਾਂ ਜਾਇਜ਼ ਮੰਗਾਂ ਦਾ ਹੱਲ ਜਲਦ ਕੀਤਾ ਜਾਵੇ।