ਕੈਪਟਨ ਅਮਰਿੰਦਰ ਸਿੰਘ 23 ਨਵੰਬਰ ਨੂੰ ਕਿਸਾਨ ਆਗੂਆਂ ਨਾਲ ਕਰਨਗੇ ਮੀਟਿੰਗ

ਚੰਡੀਗੜ੍ਹ, 3 ਨਵੰਬਰ (ਨਿਊਜ਼ ਪੰਜਾਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਨਾਲ ਰਾਬਤਾ ਬਣਾਈ ਰੱਖਣ ਲਈ ਬਣਾਏ 3 ਮੈਂਬਰੀ ਮੰਤਰੀ ਸਮੂਹ ਵਲੋਂ ਅੱਜ ਪੰਜਾਬ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਦੇ ਪੰਨੂੰ ਗਰੁੱਪ ਨਾਲ ਬੈਠਕ ਕੀਤੀ ਗਈ। ਇਸ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਤਨਾਮ ਸਿੰਘ ਪੰਨੂੰ ਨੇ ਕਿਹਾ ਕਿ ਸਾਨੂੰ 23 ਨਵੰਬਰ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਦਾ ਸਮਾਂ ਮਿਲ ਗਿਆ ਹੈ ਅਤੇ ਇਸ ਸਬੰਧੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉਨ੍ਹਾਂ ਦੀ ਕੈਪਟਨ ਨਾਲ ਫੋਨ ‘ਤੇ ਗੱਲ ਵੀ ਕਰਵਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਨੇ ਉਨ੍ਹਾਂ (ਕਿਸਾਨਾਂ) ਨੂੰ ਅਪੀਲ ਕੀਤੀ ਹੈ ਕਿ ਰੇਲਵੇ ਟਰੈਕ ਖ਼ਾਲੀ ਕਰ ਦਿੱਤੇ ਜਾਣ। ਪੰਨੂੰ ਨੇ ਦੱਸਿਆ ਕਿ ਇਸ ਸਬੰਧੀ 5 ਨਵੰਬਰ ਦੀ ਬੈਠਕ ‘ਚ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਦੀ ਬੈਠਕ ਦੌਰਾਨ ਉਨ੍ਹਾਂ ਨੇ ਮੰਗ ਕੀਤੀ ਹੈ ਕਿਸਾਨ ਅੰਦੋਲਨ ਦੌਰਾਨ ਜਿਨ੍ਹਾਂ ਕਿਸਾਨਾਂ ਦੀ ਜਾਨ ਗਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ ਨੌਕਰੀ ਅਤੇ ਮੁਆਵਜ਼ਾ ਦਿੱਤਾ ਜਾਵੇ। ਉੱਧਰ ਬੈਠਕ ਤੋਂ ਬਾਅਦ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਦੀਵਾਲੀ ਤੋਂ ਬਾਅਦ ਕਿਸਾਨ ਦੀ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਤੈਅ ਕਰ ਦਿੱਤੀ ਗਈ ਹੈ ਅਤੇ ਮੁੱਖ ਮੰਤਰੀ ਇਸ ਮਾਮਲੇ ‘ਤੇ ਕਿਸਾਨ ਸੰਗਠਨ ਨਾਲ ਬੈਠਕ ਲਈ ਤਿਆਰ ਹਨ।