1984 ਸਿੱਖ ਕਤਲੇਆਮ ਪੀੜਤ ਵੈਲਫੇਅਰ ਸੁਸਾਇਟੀ ਨੇ ਕੱਢਿਆ ਇਨਸਾਫ ਮਾਰਚ

ਅੰਮ੍ਰਿਤਸਰ, 4 ਨਵੰਬਰ (ਨਿਊਜ਼ ਪੰਜਾਬ) – 1984 ਸਿੱਖ ਕਤਲੇਆਮ ਪੀੜਤ ਵੈਲਫੇਅਰ ਸੁਸਾਇਟੀ ਲੁਧਿਆਣਾ ਵੱਲੋਂ 1984 ਵਿੱਚ ਦਿੱਲੀ ਅਤੇ ਦੇਸ਼ ਦੇ ਹੋਰਨਾਂ ਥਾਵਾਂ ‘ਤੇ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਇਸ ਮੌਕੇ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਸਰਵਣ ਕਰਵਾਈਆਂ। ਇਸ ਤੋਂ ਇਲਾਵਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ 1984 ਸਿੱਖ ਕਤਲੇਆਮ ਪੀੜਤ ਵੈਲਫੇਅਰ ਸੁਸਾਇਟੀ ਵੱਲੋਂ ਸੁਰਜੀਤ ਸਿੰਘ ਦੀ ਅਗਵਾਈ ਵਿਚ ਸ੍ਰੀ ਦਰਬਾਰ ਸਾਹਿਬ ਤੋਂ ਭਾਈ ਗੁਰਦਾਸ ਹਾਲ ਤੱਕ ਇਨਸਾਫ ਮਾਰਚ ਕੱਢਿਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ। ਇਸ ਇਨਸਾਫ ਮਾਰਚ ਦੌਰਾਨ 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਗਈ।