ਕੈਪਟਨ ਸਾਰੇ ਵਿਧਾਇਕਾਂ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਕਰਨਗੇ ਤਿਆਰ

ਨਵੀਂ ਦਿੱਲੀ, 4 ਨਵੰਬਰ (ਨਿਊਜ਼ ਪੰਜਾਬ)- ਪੰਜਾਬ ਦੇ ਵਿਧਾਇਕਾਂ ਵਲੋਂ ਜੰਤਰ ਮੰਤਰ ਵਿਖੇ ਖੇਤੀ ਕਾਨੂੰਨਾਂ ਖਿਲਾਫ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਧਰਨੇ ਵਿਚ ਪਰਮਿੰਦਰ ਸਿੰਘ ਢੀਂਡਸਾ ਤੇ ਸੁਖਪਾਲ ਸਿੰਘ ਖਹਿਰਾ ਵੀ ਦਿਖਾਈ ਦੇ ਰਹੇ ਹਨ। ਉੱਥੇ ਹੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਸ ਧਰਨੇ ਵਿਚ ਪਹੁੰਚ ਗਏ ਹਨ। ਉਹ ਪਰਮਿੰਦਰ ਸਿੰਘ ਢੀਂਡਸਾ ਤੇ ਸੁਖਪਾਲ ਸਿੰਘ ਖਹਿਰਾ ਵਿਚਕਾਰ ਬੈਠੇ ਹੋਏ ਦਿਖਾਈ ਦੇ ਰਹੇ ਹਨ। ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਵੀ ਮੰਚ ‘ਤੇ ਦਿਖਾਈ ਦੇ ਰਹੇ ਹਨ ਪਰੰਤੂ ਪ੍ਰਤਾਪ ਸਿੰਘ ਬਾਜਵਾ ਧਰਨੇ ਵਿਚ ਨਹੀਂ ਪੁੱਜੇ ਹਨ। ਉੱਥੇ ਹੀ, ਕੈਪਟਨ ਅਮਰਿੰਦਰ ਸਿੰਘ ਵਲੋਂ 2.30 ਵਜੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਜਾਵੇਗੀ ਤੇ ਅਗਲੀ ਰਣਨੀਤੀ ਉਲੀਕੀ ਜਾਵੇਗੀ।