ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਚੋਣ ਇਜਲਾਸ 27 ਨਵੰਬਰ ਨੂੰ ਹੋਵੇਗਾ

ਅੰਮ੍ਰਿਤਸਰ, 5 ਨਵੰਬਰ (ਨਿਊਜ਼ ਪੰਜਾਬ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਚੋਣ ਇਜਲਾਸ 27 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਲਾਪਤਾ ਪਾਵਨ ਸਰੂਪ ਮਾਮਲੇ ‘ਚ ਹਾਈ ਪਾਵਰ ਮੰਥਨ ਕਮੇਟੀ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਥਾਂ ਕਿਸੇ ਗ਼ੈਰ ਸਿੱਖ ਸਰਕਾਰੀ ਸੰਸਥਾ ਨੂੰ ਸੌਂਪੇ ਜਾਣ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਭਾਰਤ ਸਰਕਾਰ ਅਤੇ ਪਾਕਿਸਤਾਨ ਸਰਕਾਰ ਨੂੰ ਪੱਤਰ ਵੀ ਲਿਖੇ ਜਾ ਰਹੇ ਹਨ ਕਿ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸਿੱਖ ਸੰਗਤਾਂ ਹਵਾਲੇ ਕੀਤਾ ਜਾਵੇ।