ਜ਼ਿਲ੍ਹਾ ਮੋਗਾ ਦੇ 40 ਸਮਾਰਟ ਸਕੂਲਾਂ ਦਾ ਮੁੱਖ ਮੰਤਰੀ ਵੱਲੋਂ ਉਦਘਾਟਨ
ਮੋਗਾ, 7 ਨਵੰਬਰ (ਡਾ: ਸਵਰਨਜੀਤ ਸਿੰਘ)-ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਵੱਖ ਵੱਖ ਸਕੂਲਾਂ ਨੂੰ ਸਮਾਰਟ ਬਣਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਮੋਗਾ ਦੇ 40 ਹੋਰ ਸਰਕਾਰੀ ਸਕੂਲ ਸਮਾਰਟ ਬਣ ਗਏ ਹਨ। ਇਹਨਾਂ ਸਕੂਲਾਂ ਦਾ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਤੋਂ ਵੀਡੀਉ ਕਾਨਫਰੰਸਿੰਗ ਰਾਹੀਂ ਉਦਘਾਟਨ ਕੀਤਾ। ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਬਹੁਤ ਹੀ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਨਤੀਜੇ ਵੀ ਬਹੁਤ ਹੀ ਵਧੀਆ ਸਾਹਮਣੇ ਆ ਰਹੇ ਹਨ। ਸਿੱਖਿਆ ਵਿਭਾਗ ਵੱਲੋਂ ਹਰੇਕ ਸਕੂਲ ਨੂੰ ਸਮਾਰਟ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ ਨਾਲ ਅਧਿਆਪਕਾਂ ਦੀ ਭਰਤੀ, ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਨਾਲ ਇਕ ਕ੍ਰਾਂਤੀਕਾਰੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਸੇ ਸਦਕਾ ਹੀ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੀ ਦਰ ਵੀ 15 ਫੀਸਦੀ ਦੇ ਕਰੀਬ ਵਧੀ ਹੈ। ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਵਧ ਰਿਹਾ ਰੁਝਾਨ ਬਹੁਤ ਵਧੀਆ ਰੁਝਾਨ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਸੂਬੇ ਦੇ 19100 ਤੋਂ ਵਧੇਰੇ ਸਕੂਲਾਂ ਵਿੱਚੋਂ 6832 ਸਕੂਲਾਂ ਨੂੰ ਸਮਾਰਟ ਬਣਾ ਦਿੱਤਾ ਗਿਆ ਹੈ, ਜਿਸ ਉਤੇ 690 ਕਰੋੜ ਰੁਪਏ ਦੀ ਲਾਗਤ ਆਈ ਹੈ। ਇਸੇ ਤਰ੍ਹਾਂ ਇਸ ਸਾਲ ਵੀ 1400 ਹੋਰ ਸਕੂਲਾਂ ਨੂੰ ਸਮਾਰਟ ਬਣਾਉਣ ਦਾ ਟੀਚਾ ਹੈ। ਉਹਨਾਂ ਦੱਸਿਆ ਕਿ ਅੱਜ ਮੁੱਖ ਮੰਤਰੀ ਨੇ ਜ਼ਿਲ੍ਹਾ ਮੋਗਾ ਦੇ 40 ਸਮਾਰਟ ਸਕੂਲਾਂ ਦਾ ਆਨਲਾਈਨ ਉਦਘਾਟਨ ਕੀਤਾ। ਇਸ ਤੋਂ ਇਲਾਵਾ ਵੱਖ ਵੱਖ ਸਕੂਲਾਂ ਨੂੰ 106 ਟੈਬਲੇਟ ਮੁਹੱਈਆ ਕਰਵਾਏ। ਇਸ ਮੌਕੇ ਸਿੱਖਿਆ ਵਿਭਾਗ ਦੇ ਮਿਸ਼ਨ ਸ਼ਤ ਪ੍ਰਤੀਸ਼ਤ ਦਾ ਵੀ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬੀ ਸਪਤਾਹ ਦੀ ਰਸਮੀ ਸਮਾਪਤੀ ਦਾ ਵੀ ਐਲਾਨ ਕੀਤਾ ਗਿਆ। ਅੱਜ ਦੇ ਸਮਾਗਮ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਬੀੜ ਚੜਿੱਕ, ਉਪ ਮੰਡਲ ਮੈਜਿਸਟਰੇਟ ਸਤਵੰਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਜਸਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਮੱਕੜ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਵਿਦਿਆਰਥੀਆਂ ਨੂੰ ਟੈਬਲੇਟ ਵੰਡਣ ਦੀ ਵੀ ਸ਼ੁਰੂਆਤ ਕੀਤੀ ਗਈ।