17 ਨਵੰਬਰ :ਲੁਧਿਆਣਾ ਚ ਕੋਰੋਨਾ ਨੇ ਫਿਰ ਫੜਿਆ ਜ਼ੋਰ – 105 ਨਵੇਂ ਕੇਸ , 7 ਮੌਤਾਂ

ਨਿਊਜ਼ ਪੰਜਾਬ

ਲੁਧਿਆਣਾ, 17 ਨਵੰਬਰ – ਪੰਜਾਬ ‘ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ‘ਚ ਰੋਜ਼ਾਨਾ ਵੱਡੀ ਗਿਣਤੀ ‘ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਜਿਉਂ ਦੀ ਤਿਉਂ ਹੈ। ਇਸ ਵਾਇਰਸ ਤੋਂ ਪੀੜਤ ਦਮ ਤੋੜਨ ਵਾਲੇ ਮਰੀਜ਼ਾਂ ਦਾ ਅੰਕੜਾ ਵੀ ਵਧਦਾ ਜਾ ਰਿਹਾ ਹੈ, ਜਿਸ ਕਰਕੇ ਲੋਕਾਂ ‘ਚ ਇਸ ਮਹਾਂਮਾਰੀ ਨੂੰ ਲੈ ਕੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ‘ਚ ਅੱਜ ਕੋਰੋਨਾ ਤੋਂ ਪ੍ਰਭਾਵਿਤ 105 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 92 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 13 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਉਨ੍ਹਾਂ ਅੱਗੇ ਦੱਸਿਆ ਕਿ ਬਦਕਿਸਮਤੀ ਨਾਲ ਲੁਧਿਆਣਾ ‘ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਅੱਜ 7 ਮਰੀਜ਼ਾਂ ਦੀ ਮੌਤ ਹੋ ਗਈ, ਜਿਸ ‘ਚ 3 ਮ੍ਰਿਤਕ ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 1-1 ਮ੍ਰਿਤਕ ਮਰੀਜ਼ ਜ਼ਿਲ੍ਹਾ ਬਠਿੰਡਾ, ਬਰਨਾਲਾ, ਹੁਸ਼ਿਆਰਪੁਰ ਅਤੇ ਫ਼ਿਰੋਜ਼ਪੁਰ ਨਾਲ ਸਬੰਧਿਤ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਜਿਹੜੇ ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ ‘ਚ 73 ਸਾਲਾ ਮ੍ਰਿਤਕ ਔਰਤ ਵਾਸੀ ਕਿਚਲੂ ਨਗਰ ਅਤੇ 64 ਸਾਲਾ ਮ੍ਰਿਤਕ ਮਰੀਜ਼ ਵਾਸੀ ਪਿੰਡ ਮਾਜਰੀ ਨੇੜੇ ਖੰਨਾ ਤੋਂ ਇਲਾਵਾ 26 ਸਾਲ ਦਾ ਇਕ ਨੌਜਵਾਨ ਮਰੀਜ਼ ਵੀ ਸ਼ਾਮਲ ਹੈ।