ਕੇਂਦਰ ਸਰਕਾਰ ਵੱਲੋਂ ਪਾਸ ਨਵੇਂ ਕਾਨੂੰਨ ਦੇਸ਼ ਵਿੱਚ ਭੁੱਖਮਰੀ ਦੇ ਹਾਲਾਤ ਪੈਦਾ ਕਰਨਗੇ: ਸਚਿਨ ਸ਼ਰਮਾ

ਨਿਊਜ਼ ਪੰਜਾਬ

ਚੰਡੀਗੜ੍ਹ, 15 ਦਸੰਬਰ:

ਭਾਰਤ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ਹੇਠ ਪਾਸ ਕੀਤੇ ਗਏ ਤਿੰਨ ਨਵੇਂ ਕਾਨੂੰਨ ਦੇਸ਼ ਵਿੱਚ ਭੁੱਖਮਰੀ ਦੇ ਹਾਲਾਤ ਪੈਦਾ ਕਰਨਗੇੇ। ਉਕਤ ਪ੍ਰਗਟਾਵਾ ਪੰਜਾਬ ਰਾਜ ਗਊ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੱਲੋਂ ਕੀਤਾ ਗਿਆ।

ਸ੍ਰੀ ਸ਼ਰਮਾ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀ ਮਿਹਨਤ ਸਦਕਾ ਹੀ ਅਨਾਜ ਦੇ ਮਾਮਲੇ ਵਿੱਚ ਦੇਸ਼ ਆਤਮ-ਨਿਰਭਰ ਬਣਿਆ ਸੀ ਅਤੇ ਇਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਵਡਮੁੱਲਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਹੁਣ ਦੇਸ਼ ਵਿੱਚੋਂ ਭੁੱਖਮਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਬਹੁਤ ਘਟ ਗਈ ਹੈ ਤਾਂ ਭਾਰਤ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ਹੇਠ ਨਵੇਂ ਪਾਸ ਕੀਤੇ ਬਿੱਲਾਂ ਨਾਲ ਦੇਸ਼ ਵਿੱਚ ਭੁੱਖਮਰੀ ਮੁੜ ਪੈਰ ਪਸਾਰ ਲਵੇਗੀ।

ਉਨ੍ਹਾਂ ਕਿਹਾ ਕਿ ਕੋਵਿਡ ਦੇ ਮੱਦੇਨਜ਼ਰ ਦੇਸ਼ ਵਿੱਚ ਲਾਗੂ ਤਾਲਾਬੰਦੀ ਦੌਰਾਨ ਜਦੋਂ ਸਾਰੇ ਉਦਯੋਗਿਕ ਸੈਕਟਰ ਘਾਟੇ ਵਿੱਚ ਚਲੇ ਗਏ ਸਨ ਤਾਂ ਖੇਤੀ ਸੈਕਟਰ ਨੇ ਹੀ ਦੇਸ਼ ਦੀ ਜੀ.ਡੀ.ਪੀ. ਨੂੰ ਜ਼ਮੀਨ `ਤੇ ਡਿੱਗਣ ਤੋਂ ਬਚਾ ਕੇ ਰੱਖਿਆ।

ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਕੰਧ `ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿਉਂ ਕਿ ਇਨ੍ਹਾਂ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਦਾ ਹਰ ਬਾਸ਼ਿੰਦਾ ਕੇਂਦਰ ਸਰਕਾਰ ਦੇ ਵਿਰੁੱਧ ਖੜ੍ਹਾ ਹੈ ਜਿਸ ਦੀ ਉਦਾਹਰਨ ਕਿਸਾਨਾਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਦੇਸ਼ ਦੇ ਸਾਰੇ ਸੂਬਿਆਂ ਵਿੱਚ ਮਿਲੇ ਭਰਵੇਂ ਹੁੰਗਾਰੇ ਤੋਂ ਮਿਲਦੀ ਹੈ।ਸ੍ਰੀ ਸ਼ਰਮਾ ਨੇ ਕਿਹਾ ਕਿ ਜਿੱਥੇ ਕਿਸਾਨ ਦੇਸ਼ ਲਈ ਅਨਾਜ ਪੈਦਾ ਕਰਦਾ ਹੈ, ਉੱਥੇ ਉਸ ਦਾ ਬੇਟਾ ਦੇਸ਼ ਦੀ ਰਾਖੀ ਲਈ ਸਰਹੱਦਾਂ `ਤੇ ਤੈਨਾਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਕੁਝ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਪੂਰਤੀ ਲਈ ਦੇਸ਼ ਦੇ ਲੋਕਾਂ ਨੇ ਨਹੀਂ ਚੁਣਿਆ।