ਕਰੋਨਾ ਲੁਧਿਆਣਾ: 17ਜਨਵਰੀ : ਅੱਜ ਨਵੇਂ 33 ਕੇਸ , 1 ਮੌਤ
ਲੁਧਿਆਣਾ, 17 ਜਨਵਰੀ ( ਰਜਿੰਦਰ ਸਿੰਘ ਜੌੜਾ ) – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 2198 ਸੈਂਪਲ ਲਏ ਗਏ।
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 25298 ਮਰੀਜ਼ਾਂ ਵਿਚੋਂ 94.98% (24030 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 2198 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 284 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 24030 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 43 ਮਰੀਜ਼ (33 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 10 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 573068 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 571179 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 542055 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1889 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 25298 ਹੈ, ਜਦਕਿ 3826 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 2 ਮੌਤਾਂ ਦੀ ਪੁਸ਼ਟੀ ਹੋਈ ਹੈ (1 ਜ਼ਿਲ੍ਹਾ ਲੁਧਿਆਣਾ ਅਤੇ 1 ਮਾਨਸਾ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 981 ਅਤੇ 467 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 55772 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 802 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 38 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।