ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਗਰਮ : ਸੋਨੀ

ਨਿਊਜ਼ ਪੰਜਾਬ 
ਚੰਡੀਗੜ੍ਹ, 29 ਜਨਵਰੀ:
ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਗਰਮ ਹੈ।ਇਹ ਪ੍ਰਗਟਾਵਾ ਅੱਜ ਇੱਥੇ ਸੂਬੇ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਕੀਤਾ ਗਿਆ।
ਅੱਜ ਇੱਥੇ ਪੰਜਾਬ ਭਵਨ ਵਿਖੇ ਡਾਕਟਰੀ ਸਿੱਖਿਆ ਵਿਭਾਗ ਅਧੀਨ ਆਉਂਦੇ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ, ਸਰਕਾਰੀ ਡੈਂਟਲ ਕਾਲਜ, ਆਯੂਰਵੈਦਿਕ ਕਾਲਜ, ਬਾਬਾ ਫਰੀਦ ਹੈਲਥ ਮੈਡੀਕਲ ਸਾਇੰਸਜ਼ ਯੂਨੀਵਰਸਿਟੀ ਫਰੀਦਕੋਟ , ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ, ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਕੋਵਿਡ ਦੌਰਾਨ ਸੂਬੇ ਦੇ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਬੇਮਿਸਾਲ ਕੰਮ ਕੀਤਾ ਗਿਆ ਹੈ ਜਿਸਦੀ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਸੂਬੇ ਦੇ ਮੁੱਖ ਮੰਤਰੀ ਵੱਲੋਂ ਕਈ ਮੌਕਿਆਂ `ਤੇ ਸ਼ਲਾਘਾ ਕੀਤੀ ਗਈ ਹੈ ਜੋ ਕਿ ਸਾਡੇ ਸਾਰੇ ਵਿਭਾਗ ਲਈ ਬਹੁਤ ਮਾਣ ਵਾਲੀ ਗੱਲ ਹੈ।
ਉਨ੍ਹਾਂ ਕਿਹਾ ਕਿ ਕੋਵਿਡ ਕਾਰਨ ਜਿਹੜੇ ਸਰਕਾਰੀ ਮੈਡੀਕਲ ਕਾਲਜਾਂ ਦੇ ਵਿਕਾਸ ਕਾਰਜ ਰੁਕ ਗਏ ਸਨ, ਉਨ੍ਹਾਂ ਨੂੰ ਹੁਣ ਜੰਗੀ ਪੱਧਰ `ਤੇ ਮੁਕੰਮਲ ਕਰਨ ਲਈ ਯਤਨ ਕੀਤੇ ਜਾਣ ਤਾਂ ਜੋ ਸਰਕਾਰ ਵੱਲੋਂ ਵਿੱਤੀ ਵਰ੍ਹੇ 2020-21 ਲਈ ਪ੍ਰਾਪਤ ਫੰਡਾਂ ਦੀ ਵਰਤੋਂ ਕੀਤੀ ਜਾ ਸਕੇ।ਉਨ੍ਹਾਂ ਡਾਕਟਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੈਡੀਕਲ ਕਾਲਜਾਂ ਵੱਲੋਂ ਪ੍ਰਾਪਤ ਹਰੇਕ ਮੰਗ ਨੂੰ ਸਮਾਂਬੱਧ ਸਮੇਂ ਵਿੱਚ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਸ੍ਰੀ ਸੋਨੀ ਨੇ ਵਿੱਤੀ ਵਰ੍ਹੇ 2020-21 ਲਈ ਪਾ੍ਰਪਤ ਫੰਡਾਂ ਵਿੱਚੋਂ ਹੋਏ ਖ਼ਰਚ ਦੀ ਅਤੇ ਵਿੱਤੀ ਵਰ੍ਹੇ 2021-22 ਲਈ ਲੋੜੀਂਦੇ ਬਜਟ ਸਬੰਧੀ ਕਾਲਜ-ਵਾਰ ਸਮੀਖਿਆ ਕੀਤੀ ਗਈ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚਾਲੂ ਵਿੱਤੀ ਵਰ੍ਹੇ ਲਈ ਪ੍ਰਾਪਤ ਫੰਡਾਂ ਨੂੰ ਨਿਯਮਾਂ ਅਨੁਸਾਰ ਖ਼ਰਚ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਫੰਡਾਂ ਲੈਪਸ ਨਾ ਹੋਣ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੰਡਾਂ ਨੂੰ ਵਰਤਣ ਸਬੰਧੀ ਪੰਜਾਬ ਸਰਕਾਰ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਉਨ੍ਹਾਂ ਗੁਰੂ ਰਵੀਦਾਸ ਯੂਨੀਵਰਸਿਟੀ ਦਾ ਕੈਲੰਡਰ ਵੀ ਜਾਰੀ ਕੀਤਾ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬਾਬਾ ਫਰੀਦ ਹੈਲਥ ਸਾਇੰਸਜ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ, ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਆਈ.ਏ.ਐਸ. ਹਾਜ਼ਰ ਸਨ।