ਡਿਪਟੀ ਕਮਿਸ਼ਨਰ ਵੱਲੋਂ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਬਿਨੈਕਾਰਾਂ ਦੇ ਈ-ਕਾਰਡ ਬਣਾਉਣ ਦੀ ਮੁਹਿੰਮ ਤੇਜ਼ ਕਰਨ ਦੇ ਆਦੇਸ਼
ਨਿਊਜ਼ ਪੰਜਾਬ
ਲੁਧਿਆਣਾ, 11 ਫਰਵਰੀ ਪੰਜਾਬ ਸਰਕਾਰ ਵੱਲੋਂ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦੇ ਤਹਿਤ ਹੁਣ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਦੀ ਸੁਵਿਧਾ ਸ਼ੁਰੂ ਕਰਵਾ ਦਿੱਤੀ ਗਈ ਹੈ ਜਿਸ ਨੂੰ ਜ਼ਿਲ੍ਹਾ ਲੁਧਿਆਣਾ ਵਿਖੇ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਯੋਗ ਲਾਭਪਾਤਰੀਆਂ ਲਈ ਬੇਹੱਦ ਫਾਇਦੇਮੰਦ ਯੋਜਨਾ ਹੈ ਅਤੇ ਇਸ ਯੋਜਨਾ ਤਹਿਤ ਰਜਿਸਟਰਡ ਪਰਿਵਾਰਾਂ ਦਾ 5 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਹੁੰਦਾ ਹੈ ਜੋ ਕਿ ਰਾਜ ਦੇ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਦੇ ਰੂਪ ਵਿੱਚ ਮੁਹੱਈਆ ਕਰਵਾਇਆ ਜਾਂਦਾ ਹੈ। ਸ਼੍ਰੀ ਸ਼ਰਮਾ ਵੱਲੋਂ ਨੋਡਲ ਅਧਿਕਾਰੀ ਨੂੰ ਹਦਾਇਤ ਕੀਤੀ ਗਈ ਕਿ ਉਹ ਸਮੂਹ ਉਪ-ਮੰਡਲ ਮੈਜਿਸਟਰੇਟ ਨਾਲ ਲਗਾਤਾਰ ਰਾਬਤਾ ਰੱਖਣ ਤਾਂ ਜੋ ਸ਼ਹਿਰਾਂ ਤੇ ਪਿੰਡਾਂ ਵਿੱਚ ਇਸ ਈ-ਕਾਰਡ ਏਜੰਸੀ ਰਾਹੀਂ ਲਾਭਪਾਤਰੀਆਂ ਤੱਕ ਇਸ ਯੋਜਨਾ ਬਾਰੇ ਜਾਗਰੂਕਤਾ ਫੈਲਾਈ ਜਾ ਸਕੇ ਅਤੇ ਵੱਧ ਤੋਂ ਵੱਧ ਲੋੜਵੰਦਾਂ ਦੇ ਈ ਕਾਰਡ ਬਣਵਾਏ ਜਾ ਸਕਣ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਯੋਜਨਾ ਤਹਿਤ ਵੱਧ ਤੋਂ ਵੱਧ ਲੋੜਵੰਦਾਂ ਦੇ ਈ-ਕਾਰਡ ਬਣਾਏ ਜਾਣੇ ਹਨ ਇਸ ਲਈ ਯੋਜਨਾਬੱਧ ਢੰਗ ਨਾਲ ਲੋੜਵੰਦਾਂ ਤੱਕ ਪਹੁੰਚ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਗੇਤੇ ਤੌਰ ‘ਤੇ ਜਾਗਰੂਕਤਾ ਪੈਦਾ ਕੀਤੀ ਜਾਵੇ ਤਾਂ ਜੋ ਲੋਕ ਨਿਰਧਾਰਿਤ ਸਥਾਨਾਂ ‘ਤੇ ਆਪਣੇ ਢੁਕਵੇਂ ਦਸਤਾਵੇਜ਼ਾਂ ਤੱਕ ਪਹੁੰਚ ਕਰ ਸਕਣ।
ਇਸ ਮੌਕੇ ਸਿਵਲ ਸਰਜਨ ਲੁਧਿਆਣਾ ਸ੍ਰੀ ਸੁਖਜੀਵਨ ਕੱਕੜ ਨੇ ਦੱਸਿਆ ਕਿ ਕਿ ਜ਼ਿਲ੍ਹੇ ਦੀਆਂ ਮਾਰਕੀਟ ਕਮੇਟੀਆਂ ਵਿੱਚ ਸਟੇਟ ਹੈਲਥ ਏਜੰਸੀ ਪੰਜਾਬ ਦੇ ਪ੍ਰਬੰਧਾਂ ਹੇਠ ਈ-ਕਾਰਡ ਏਜੰਸੀ ਦੀਆਂ ਟੀਮਾਂ ਵੱਲੋਂ ਲਾਭਪਾਤਰੀਆਂ ਦੇ ਈ-ਕਾਰਡ ਤਿਆਰ ਕਰਵਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ।
ਉਨ੍ਹਾਂ ਦੱਸਿਆ ਕਿ ਕੋਈ ਵੀ ਯੋਗ ਬਿਨੇਕਾਰ ਆਪਣੇ ਦਸਤਾਵੇਜ਼ ਲਿਜਾ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦਾ ਹੈ ਜਿਸ ਤਹਿਤ ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀ ਆਪਣੇ ਆਧਾਰ ਕਾਰਡ ਜਾਂ ਰਾਸ਼ਨ ਕਾਰਡ, ਛੋਟੇ ਵਪਾਰੀ ਆਪਣੇ ਆਧਾਰ ਕਾਰਡ ਜਾਂ ਰਾਸ਼ਨ ਕਾਰਡ ਜਾਂ ਪੈਨ ਕਾਰਡ, ਜੇ ਫਾਰਮ ਧਾਰਕ ਅਤੇ ਛੋਟੇ ਕਿਸਾਨ ਆਪਣੇ ਆਧਾਰ ਕਾਰਡ ਜਾਂ ਰਾਸ਼ਨ ਕਾਰਡ, ਉਸਾਰੀ ਭਲਾਈ ਬੋਰਡ ਅਧੀਨ ਰਜਿਸਟਰਡ ਮਜ਼ਦੂਰ ਆਪਣੇ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਰਜਿਸਟਰੇਸ਼ਨ ਕਾਰਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਸਾਹਿਬਾਨ ਆਪਣੇ ਆਧਾਰ ਕਾਰਡ ਤੇ ਰਾਸ਼ਨ ਕਾਰਡ ਜਾਂ ਪੀਲਾ ਸ਼ਨਾਖਤੀ ਕਾਰਡ ਲੈ ਕੇ ਆਪਣੇ ਈ ਕਾਰਡ ਬਣਾਉਣ ਲਈ ਨੇੜਲੀ ਮਾਰਕੀਟ ਕਮੇਟੀ ਵਿੱਚ ਕਿਸੇ ਵੀ ਕੰਮਕਾਜ ਵਾਲੇ ਦਿਨ ਪਹੁੰਚ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸਬੰਧਤ ਕੰਪਨੀ ਦੇ ਨੁਮਾਇੰਦੇ ਮਹਿਜ਼ 30 ਰੁਪਏ ਫੀਸ ਲੈ ਕੇ ਈ-ਕਾਰਡ ਬਣਾਉਣ ਦੀ ਸੁਵਿਧਾ ਉਪਲੱਬਧ ਕਰਵਾ ਰਹੇ ਹਨ।