7 ਸਾਲਾ ਬੱਚੀ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਕੇਸ ਦੀ ਡੁੰਘਾਈ ਨਾਲ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮ ਦਾ ਕੀਤਾ ਗਠਨ – ਚੇਅਰਮੈਨ, ਪੰਜਾਬ ਸਟੇਟ ਬਾਲ ਸੁਰੱਖਿਆ ਅਧਿਕਾਰ ਕਮਿਸ਼ਨ
ਨਿਊਜ਼ ਪੰਜਾਬ
ਲੁਧਿਆਣਾ, 13 ਫਰਵਰੀ ਪੰਜਾਬ ਸਟੇਟ ਬਾਲ ਸੁਰੱਖਿਆ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜਿੰਦਰ ਸਿੰਘ ਵੱਲੋਂ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਨ੍ਹਾਂ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦਾ ਗਠਨ ਕਰਨ ਲਈ ਕਿਹਾ ਹੈ ਤਾਂ ਜੋ 7 ਸਾਲਾ ਬੱਚੀ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਕੇਸ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਸਕੇ। ਉਹ ਅੱਜ ਦੋਰਾਹਾ ਵਿਖੇ ਪੀੜਤ ਬੱਚੀ ਨੂੰ ਮਿਲੇ ਅਤੇ ਪੁਲਿਸ ਨੂੰ ਹਦਾਇਤ ਵੀ ਕੀਤੀ ਕਿ ਪੀੜਤ ਲੜਕੀ ਨੂੰ ਉਸਦੇ ਪਰਿਵਾਰ ਨੂੰ ਸੌਂਪਿਆ ਜਾਵੇ।
ਪੰਜਾਬ ਸਟੇਟ ਬਾਲ ਸੁਰੱਖਿਆ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਵਲੋਂ ਸਾਬਕਾ ਤਿੰਨ ਮੈਂਬਰੀ ਟੀਮ ਹੈ ਜਿਸ ਵਿੱਚ ਸੰਯੁਕਤ ਪੁਲਿਸ ਕਮਿਸ਼ਨਰ ਸ਼ਹਿਰੀ ਸ਼੍ਰੀ ਦੀਪਕ ਪਾਰੀਕ, ਏ.ਡੀ.ਸੀ.ਪੀ. ਜੋਨ-1 ਮਿਸ ਪ੍ਰਗਿਆ ਜੈਨ ਅਤੇ ਏ.ਡੀ.ਸੀ.ਪੀ. ਜੋਨ-4 ਮਿਸ ਰੁਪਿੰਦਰ ਕੌਰ ਸਰਾਂ ਸ਼ਾਮਲ ਹਨ। ਸ੍ਰੀ ਅਗਰਵਾਲ ਨੇ ਦੱਸਿਆ ਕਿ ਐਸ.ਆਈ.ਟੀ. ਨੂੰ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਜਲਦ ਤੋਂ ਜਲਦ ਆਪਣੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਸ੍ਰੀ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਅੱਜ ਪੀੜਤ ਅਤੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ.) ਰਾਹੀਂ ਤਿਆਰ ਕੀਤੇ ਪੀੜਤ ਵਿਅਕਤੀ ਨੂੰ ਮੁਆਵਜ਼ਾ ਨਾਲ ਸਬੰਧਤ ਕੇਸ ਵਿੱਚ ਤੇਜ਼ੀ ਲਿਆਂਦੀ ਜਾਵੇ।
ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਅਜਿਹੇ ਜੁਰਮਾਂ ਦੇ ਨਤੀਜਿਆਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਕੂਲਾਂ ਵਿੱਚ ਟਿਊਟੋਰੀਅਲ ਗਰੁੱਪ ਬਣਾਏ ਜਾਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਪੀੜਤ ਦੀ ਨਿਰੰਤਰ ਕਾਉਂਸਲਿੰਗ ਕੀਤੀ ਜਾਵੇ।
ਪੰਜਾਬ ਸਟੇਟ ਬਾਲ ਸੁਰੱਖਿਆ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜਿੰਦਰ ਸਿੰਘ ਵੱਲ਼ੋ ਅੱਜ ਸਥਾਨਕ ਸਰਕਟ ਹਾਊਸ ਵਿਖੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੁਲਿਸ ਕਮਿਸ਼ਨਰੇਟ ਦੇ ਅਧਿਕਾਰੀਆਂ ਦੁਆਰਾ ਕੀਤੀ ਜਾ ਰਹੀ ਜਾਂਚ ‘ਤੇ ਤਸੱਲੀ ਪ੍ਰਗਟਾਈ।