ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿੱਚ ਕਿਸਾਨਾਂ ਨੇ ਦਿਖਾਇਆ ਜੋਸ਼
ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ ਵਿਚ ਡਟੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਅੱਜ ਚਾਰ ਘੰਟਿਆਂ ਲਈ ਰੇਲਾਂ ਦੇ ਚੱਕਾ ਜਾਮ ਕਰਨ ਦੇ ਦਿੱਤੇ ਦੇਸ਼ਵਿਆਪੀ ਸੱਦੇ ਤਹਿਤ ਪੰਜਾਬ ਵਿੱਚ ਵੱਖ ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨ ਰੇਲਵੇ ਲਾਈਨਾਂ ਉਪਰ ਡੱਟੇ। ਸੁੰਯਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਇਹ ਚੱਕਾ ਜਾਮ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਿਆ। ਇਸ ਦੌਰਾਨ ਰੇਲਵੇ ਨੇ ਕਿਹਾ ਹੈ ਕਿ ਰੇਲ ਰੋਕੋ ਅੰਦੋਲਨ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਹੀਂ ਹੋਈ ਤੇ ਸਮੁੱਚੇ ਦੇਸ਼ ਵਿੱਚ ਰੇਲ ਆਵਾਜਾਈ ਲਗਪਗ ਆਮ ਵਾਂਗ ਰਹੀ ਤੇ ਕੁੱਝ ਸਥਾਨਾਂ ’ਤੇ ਮਾਮੂਲੀ ਅਸਰ ਪਿਆ। ਉਧਰ ਕਿਸਾਨ ਆਗੂਆਂ ਅਨੁਸਾਰ ਇਸ ਚੱਕਾ ਜਾਮ ਕੌਮੀ ਅਹਿਮੀਅਤ ਵਾਲੇ ਸਾਰੇ ਰੇਲ ਮਾਰਗਾਂ ਸਮੇਤ ਸਥਾਨਕ ਰੇਲ ਪਟੜੀਆਂ ਉਤੇ ਸ਼ਾਂਤਮਈ ਢੰਗ ਨਾਲ ਦਿੱਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਇਸ ਅੰਦੋਲਨ ਨੂੰ ਪੂਰੀ ਤਰ੍ਹਾਂ ਸ਼ਾਂਤ ਅਤੇ ਕੇਂਦਰ ਸਰਕਾਰ ਦੇ ਵਿਰੋਧ ਵਿਚ ਕਾਇਮ ਰੱਖਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਹੁਣ ਕਿਸਾਨਾਂ ਦਾ ਸਬਰ ਹੋਰ ਨਹੀਂ ਪਰਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੀ ਲਾਜ਼ਮੀ ਜਿੱਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੇ ਚੱਕਾ ਜਾਮ ਤੋਂ ਮਗਰੋਂ ਜਥੇਬੰਦੀਆਂ ਵਲੋਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ।