ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਕਾਨੂੰਨੀ ਸੇਵਾਵਾਂ ਕਲੀਨਿਕ ਸਥਾਪਤ
ਨਿਊਜ਼ ਪੰਜਾਬ
-ਲੀਗਲ ਕਲੀਨਿਕ ਰਾਹੀਂ ਕਾਨੂੰਨੀ ਸੇਵਾਵਾਂ ਤੇ ਲੋਕ ਭਲਾਈ ਸਕੀਮਾਂ, ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ – ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ
ਲੁਧਿਆਣਾ, 20 ਫਰਵਰੀ – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਵੱਖ-ਵੱਖ ਕਾਨੂੰਨੀ ਸੇਵਾਵਾਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਅੱਜ ਗੈਰ-ਸਰਕਾਰੀ ਸੰਸਥਾ (ਐਨ.ਜੀ.ਓ.) ‘ਹੈਲਪਿੰਗ ਹੈਂਡਜ਼ ਕਲੱਬ’ ਚੌਧਰੀ ਧਰਮਸ਼ਾਲਾ, ਨੇੜੇ ਸੰਗਲਾ ਸ਼ਿਵਾਲਾ ਚੌਕ, ਲੁਧਿਆਣਾ ਵਿਖੇ “ਕਾਨੂੰਨੀ ਸੇਵਾਵਾਂ ਕਲੀਨਿਕ” ਦੀ ਸਥਾਪਨਾ ਕੀਤੀ ਗਈ । ਇਸ ਕਾਨੂੰਨੀ ਸੇਵਾਵਾਂ ਕਲੀਨਿਕ ਦਾ ਉਦਘਾਟਨ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਸ੍ਰੀ ਗੁਰਬੀਰ ਸਿੰਘ ਵੱਲੋਂ ਕੀਤਾ ਗਿਆ।
ਇਸ ਮੌਕੇ ‘ਤੇ ਹਾਜ਼ਰ ਲੋਕਾਂ ਨੂੰ ਸੰਬੋਧਿਤ ਕਰਦਿਆਂ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਸਾਹਿਬ ਵੱਲੋਂ ਦੱਸਿਆ ਗਿਆ ਇਸ ਲੀਗਲ ਏਡ ਕਲੀਨਿਕ ਦੀ ਸਥਾਪਨਾ ਕਰਨ ਦਾ ਮੁੱਖ ਉਦੇਸ਼ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਾਨੂੰਨੀ ਸੇਵਾਵਾਂ ਅਤੇ ਹੋਰ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਕਾਨੂੰਨੀ ਸੇਵਾਵਾਂ ਕਲੀਨਿਕ ਦੀ ਸਥਾਪਨਾ ਹੋਣ ਨਾਲ ਇਲਾਕੇ ਦੇ ਵੱਧ ਤੋਂ ਵੱਧ ਲੋਕ ਵੱਖ-ਵੱਖ ਕਾਨੂੰਨੀ ਸੇਵਾਵਾਂ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹੋਰ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣਗੇ ।
ਮਾਨਯੋਗ ਸੈਸ਼ਨ ਜੱਜ ਸਾਹਿਬ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਸਬੰਧੀ ਕਾਨੂੰਨੀ ਸਲਾਹ-ਮਸ਼ਵਰੇ ਅਤੇ ਕਾਨੂੰਨੀ ਸਹਾਇਤਾ ਲਈ ਇਸ ਕਾਨੂੰਨੀ ਸੇਵਾਵਾਂ ਕਲੀਨਿਕ ਵਿੱਚ ਸੰਪਰਕ ਕਰ ਸਕਦੇ ਹਨ । ਉਨ੍ਹਾਂ ਇਹ ਵੀ ਦੱਸਿਆ ਕਿ ਇਸ ਕਲੀਨਿਕ ਵਿੱਚ ਹਰ ਕਿਸਮ ਦੀ ਕਾਨੂੰਨੀ ਸਲਾਹ ਜਾਂ ਸਹਾਇਤਾ ਮੁਫਤ ਪ੍ਰਦਾਨ ਕੀਤੀ ਜਾਵੇਗੀ ।
ਇਸ ਮੌਕੇ ਹਾਜ਼ਰ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਮੈਡਮ ਪ੍ਰੀਤੀ ਸੁਖੀਜਾ ਵੱਲੋਂ ਦੱਸਿਆ ਗਿਆ ਕਿ ਕੋਈ ਵੀ ਲੋੜਵੰਦ ਵਿਅਕਤੀ ਕਿਸੇ ਕਿਸਮ ਦਾ ਕਾਨੂੰਨੀ ਸਲਾਹ-ਮਸ਼ਵਰਾ ਜਾਂ ਕਾਨੂੰਨੀ ਸਹਾਇਤਾ ਲੈਣ ਲਈ ਜਿਲ੍ਹਾ ਕਚਹਿਰੀਆਂ, ਲੁਧਿਆਣਾ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਫਤਰ ਵਿਖੇ ਸੰਪਰਕ ਕਰ ਸਕਦਾ ਹੈ ਜਾਂ ਅਥਾਰਟੀ ਦੇ ਫੋਨ ਨੰ: 0161-2400051 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।